ਦਵਿੰਦਰ ਸਿੰਘ ਭੰਗੂ
ਰਈਆ, 16 ਮਾਰਚ
ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਲੜੀ ਤਹਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਤਿੰਨ ਦਿਨ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਅੱਜ ਪੰਜ ਹਜ਼ਾਰ ਸਹਿਜ ਪਾਠਾਂ ਦੇ ਭੋਗ ਨਾਲ ਹੋਈ। ਇਹ ਸਹਿਜ-ਪਾਠ ਸੰਗਤ ਵੱਲੋਂ ਕੀਤੇ ਗਏ ਸਨ। ਇਸੇ ਦੌਰਾਨ ਕਰੀਬ ਮਹੀਨੇ ਤੋਂ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਵੀ ਅੱਜ ਸਮਾਪਤੀ ਕੀਤੀ ਗਈ। ਅੱਜ ਵਿਸ਼ਾਲ ਪੰਡਾਲ ਅੰਦਰ ਸਜਾਏ ਗਏ ਗੁਰਮਤਿ ਸਮਾਗਮ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਿੱਥੇ ਗੁਰਬਾਣੀ ਪਾਠ ਬੋਧ ਸਮਾਗਮ ਦੌਰਾਨ ਸੰਥਿਆ ਅਤੇ ਸੰਪੂਰਨ ਸਹਿਜ-ਪਾਠ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੱਤੀ, ਉੱਥੇ ਹੀ ਨੌਵੇਂ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਸੰਗਤ ਨੂੰ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ 400 ਸਾਲਾ ਪ੍ਰਕਾਸ਼ ਗੁਰਪੁਰਬ 1 ਮਈ 2021 ਨੂੰ ਕੌਮਾਂਤਰੀ ਪੱਧਰ ਦੇ ਸਮਾਗਮ ਨਾਲ ਸ੍ਰੀ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ, ਜਿਸ ਤੋਂ ਪਹਿਲਾਂ ਪੂਰੇ ਦੇਸ਼ ਅੰਦਰ ਵੱਖ-ਵੱਖ ਸਮਾਗਮ ਸਜਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਵਿਚ 17 ਮਾਰਚ ਨੂੰ ਮਾਤਾ ਗੁਜਰੀ ਜੀ ਇਸਤਰੀ ਗੁਰਮਤਿ ਸਮਾਗਮ ਅਤੇ 18 ਮਾਰਚ ਨੂੰ ਮੁੱਖ ਸਮਾਗਮ ਹੋਵੇਗਾ।
ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਗੁਰਬਾਣੀ ਪਾਠ ਬੋਧ ਸਮਾਗਮ ਦੌਰਾਨ ਇਕ ਮਹੀਨਾ ਸੰਥਿਆ ਪ੍ਰਾਪਤ ਕਰਨ ਵਾਲੀਆਂ ਸੰਗਤਾਂ ਨੂੰ ਸਿਰੋਪਾਉ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਬਲਜੀਤ ਸਿੰਘ ਜਲਾਲਉਸਮਾਂ, ਭਾਈ ਰਾਮ ਸਿੰਘ, ਕੁਲਵੰਤ ਸਿੰਘ ਮੰਨਣ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਰਾਜਪਾਲ ਸਿੰਘ, ਭਾਈ ਦਿਲਬਾਗ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਹਰਜੀਤ ਸਿੰਘ ਲਾਲੂ ਘੁੰਮਣ, ਮੁਖਤਾਰ ਸਿੰਘ, ਓਐਸਡੀ ਡਾ. ਸੁਖਬੀਰ ਸਿੰਘ, ਮੈਨੇਜਰ ਸਤਿੰਦਰ ਸਿੰਘ ਬਾਜਵਾ, ਮੋਹਨ ਸਿੰਘ ਕੰਗ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਜੱਜ ਸਿੰਘ, ਬੀਬੀ ਤਰਲੋਚਨ ਕੌਰ, ਭਾਈ ਪ੍ਰਗਟ ਸਿੰਘ, ਇੰਚਾਰਜ ਮਨਜੀਤ ਸਿੰਘ, ਰਾਜਵੰਤ ਸਿੰਘ ਰੰਧਾਵਾ, ਸਰਬਜੀਤ ਸਿੰਘ ਧੂੰਦਾਂ, ਕਰਤਾਰ ਸਿੰਘ, ਬੂਟਾ ਸਿੰਘ, ਜਗਦੀਸ਼ ਸਿੰਘ ਬੁੱਟਰ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।