ਬਾਬਾ ਫ਼ਰੀਦ ਆਗਮਨ ਪੁਰਬ ਸਮਾਗਮ ਨਗਰ ਕੀਰਤਨ ਨਾਲ ਸਮਾਪਤ
ਮਹਾਨ ਸੂਫੀ ਸੰਤ ਬਾਬਾ ਸ਼ੇਖ ਫ਼ਰੀਦ ਦੀ ਯਾਦ ਵਿੱਚ ਇੱਥੇ ਪੰਜ ਰੋਜ਼ਾ ਆਗਮਨ ਪੁਰਬ ਸਮਾਗਮ ਅੱਜ ਵਿਸ਼ਾਲ ਨਗਰ ਕੀਰਤਨ ਉਪਰੰਤ ਸਮਾਪਤ ਹੋ ਗਿਆ। ਇਸ ਨਗਰ ਕੀਰਤਨ ਵਿੱਚ ਦੇਸ਼ ਭਰ ਵਿੱਚੋਂ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ। ਟਿੱਲਾ ਬਾਬਾ ਫ਼ਰੀਦ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਗੋਦੜੀ ਸਾਹਿਬ ਤੱਕ ਇਸ ਨਗਰ ਕੀਰਤਨ ਨੇ ਚਾਰ ਕਿਲੋਮੀਟਰ ਦਾ ਸਫ਼ਰ ਸੱਤ ਘੰਟਿਆਂ ਵਿੱਚ ਪੂਰਾ ਕੀਤਾ। ਪੰਜ ਪਿਆਰਿਆਂ ਨੇ ਨਗਰ ਕੀਰਤਨ ਦੀ ਅਗਵਾਈ ਕੀਤੀ ਅਤੇ ਪੰਜਾਬ ਪੁਲੀਸ ਦੀ ਟੁਕੜੀ ਨੇ ਪੁਲੀਸ ਲਾਈਨ ਸਾਹਮਣੇ ਨਗਰ ਕੀਰਤਨ ਨੂੰ ਸਲਾਮੀ ਦਿੱਤੀ।
ਇਸ ਦੌਰਾਨ ਰਸਤੇ ਵਿੱਚ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਸੈਂਕੜਿਆਂ ਦੀ ਗਿਣਤੀ ਵਿੱਚ ਲੰਗਰ ਲਾਏ। ਰਸਤੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਮੁਖੀ ਪ੍ਰੱਗਿਆ ਜੈਨ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਵਾਲੇ ਚਾਰ ਕਿਲੋਮੀਟਰ ਲੰਬੇ ਰਸਤੇ ਨੂੰ ਸੰਗਤ ਵੱਲੋਂ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ ਸੀ। ਸ਼ਾਮ ਚਾਰ ਵਜੇ ਨਗਰ ਕੀਰਤਨ ਗੁਰਦੁਆਰਾ ਗੋਦੜੀ ਸਾਹਿਬ ਪੁੱਜਣ ਤੋਂ ਬਾਅਦ ਪਾਠ ਦੇ ਭੋਗ ਪਾਏ ਗਏ। ਬਾਬਾ ਫ਼ਰੀਦ ਸੁਸਾਇਟੀ ਦੇ ਆਗੂ ਸਿਮਰਜੀਤ ਸਿੰਘ ਸੇਖੋਂ ਅਤੇ ਗੁਰਜਾਪ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਾਰਨ ਇਸ ਆਗਮਨ ਪੁਰਬ ਦੌਰਾਨ ਹੋਣ ਵਾਲੇ ਸਾਰੇ ਸਰਕਾਰੀ ਸਮਾਗਮ ਰੱਦ ਕਰ ਦਿੱਤੇ ਸਨ ਪਰ ਅੱਜ ਨਗਰ ਕੀਰਤਨ ਵਿੱਚ ਦੇਸ਼ ਭਰ ਤੋਂ ਲੱਖਾਂ ਲੋਕਾਂ ਨੇ ਸ਼ਮੂਲੀਅਤ ਕਰ ਕੇ ਆਗਮਨ ਪੁਰਬ ਦੀ ਸ਼ਾਨ ਨੂੰ ਬਹਾਲ ਰੱਖਿਆ ਹੈ।
ਸ਼੍ਰੋਮਣੀ ਕਮੇਟੀ ਨੇ ਬਾਬਾ ਫ਼ਰੀਦ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਬਾਬਾ ਫ਼ਰੀਦ ਦਾ ਜਨਮ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਲਿਆ। ਇਸ ਮੌਕੇ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਬਾਬਾ ਫ਼ਰੀਦ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕਰ ਕੇ ਵੱਡਾ ਸਤਿਕਾਰ ਦਿੱਤਾ। ਬਾਬਾ ਫ਼ਰੀਦ ਦੀ ਬਾਣੀ ਸਰਬਸਾਂਝੀਵਾਲਤਾ ਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਿਆਂ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ। ਇਸ ਦੀ ਸੇਧ ਵਿੱਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਗਿਆਨੀ ਜੀ ਨੇ ਸੰਗਤ ਨੂੰ ਬਾਬਾ ਫ਼ਰੀਦ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਪ੍ਰਚਾਰਕ ਭਾਈ ਸਤਵੰਤ ਸਿੰਘ ਸਣੇ ਵੱਡੀ ਗਿਣਤੀ ਸੰਗਤ ਹਾਜ਼ਰ ਸੀ।
ਜੇਬਾਂ ਕੱਟਣ ਦੇ ਦੋਸ਼ ਹੇਠ ਅੱਠ ਔਰਤਾਂ ਸਣੇ 12 ਕਾਬੂ
ਨਗਰ ਕੀਰਤਨ ਵਿੱਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੂੰ ਦੇਖਦਿਆਂ ਪੁਲੀਸ ਨੇ ਚੌਕਸੀ ਵਧਾਈ ਹੋਈ ਸੀ। ਪੁਲੀਸ ਨੇ ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ ਤੋਂ ਅੱਠ ਔਰਤਾਂ ਸਣੇ 12 ਜਣਿਆਂ ਨੂੰ ਸ਼ਰਧਾਲੂਆਂ ਦੀਆਂ ਜੇਬਾਂ ਕੱਟਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਪੁਲੀਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਪ੍ਰੱਗਿਆ ਜੈਨ ਨੇ ਕਿਹਾ ਕਿ ਨਗਰ ਕੀਰਤਨ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਅਤੇ ਲੋਕਾਂ ਨੇ ਇਸ ਨਗਰ ਕੀਰਤਨ ਵਿੱਚ ਪੂਰੀ ਸ਼ਰਧਾ ਨਾਲ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਮਾਹੌਲ ਸ਼ਾਂਤ ਰੱਖਣ ਅਤੇ ਸੰਗਤ ਦੀ ਸੁਰੱਖਿਆ ਲਈ 2000 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।