ਪੱਤਰ ਪ੍ਰੇਰਕ
ਮਾਨਸਾ, 26 ਮਈ
ਪੰਜਾਬ ਰਾਜ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਅਣਮਿੱਥੇ ਸਮੇਂ ਲਈ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਕਾਰਨ ਸੂਬੇ ਵਿੱਚ ਜਾਇਦਾਦਾਂ ਦੀਆਂ ਰਜਿਸਟਰੀਆਂ, ਸਰਟੀਫਿਕੇਟਾਂ ਅਤੇ ਲਾਇਸੈਂਸਾਂ ਸਮੇਤ ਕਈ ਕਿਸਮ ਦੇ ਹੋਰ ਦਫ਼ਤਰੀ ਕੰਮ ਪ੍ਰਭਾਵਿਤ ਹੋਣਗੇ। ਇਨ੍ਹਾਂ ਕਰਮਚਾਰੀਆਂ ਨੇ ਲਗਾਤਾਰ ਤਿੰਨ ਦਿਨਾਂ ਤੋਂ ਪੰਜਾਬ ਭਰ ਵਿੱਚ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਵੱਡੀ ਪੱਧਰ ’ਤੇ ਸਰਕਾਰੀ ਕੰਮ ਨਾ ਹੋਣ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਥੇਬੰਦੀ ਨੇ ਅਣਮਿਥੇ ਸਮੇਂ ਦੀ ਸਮੂਹਿਕ ਛੁੱਟੀ ਉੱਤੇ ਜਾਣ ਦਾ ਫ਼ੈਸਲਾ ਸੂਬਾ ਪੱਧਰੀ ਵਰਚੁਅਲ ਮੀਟਿੰਗ ਵਿੱਚ ਲਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਮੌਜੋ ਨੇ ਦੱਸਿਆ ਕਿ ਇਹ ਫ਼ੈਸਲਾ ਸਰਕਾਰ ਦੇ ਮਾੜੇ ਰਵੱਈਏ ਨੂੰ ਦੇਖ ਕੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਸਮੂਹਿਕ ਛੁੱਟੀ ਲੈ ਕੇ ਇਸ ਹੜਤਾਲ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ, ਪਰ ਮਨੁੱਖਤਾ ਦੇ ਹਿੱਤ ਲਈ ਕਰੋਨਾ ਖ਼ਿਲਾਫ਼ ਜੰਗ ਜਿੱਤਣ ਵਾਸਤੇ ਉਸ ਨਾਲ ਸਬੰਧਤ ਸਾਰੇ ਕਾਰਜ ਬਾਕਾਇਦਾ ਕੀਤੇ ਜਾਣਗੇ। ਇਸੇ ਦੌਰਾਨ ਅੱਜ ਇਥੇ ਲਗਾਤਾਰ ਤੀਜੇ ਦਿਨ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਆਪੋ-ਆਪਣੇ ਦਫ਼ਤਰਾਂ ਵਿੱਚੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਗਈ, ਜਿਸ ਨੂੰ ਲੈਕੇ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਕੰਮਾਂ-ਕਾਰਾਂ ਲਈ ਆਉਣ ਵਾਲੇ ਲੋਕਾਂ ਨੂੰ ਖੱਜਲ-ਖ਼ੁਆਰ ਹੋ ਕੇ ਮੁੜਨਾ ਪਿਆ। ਇਥੇ ਰੈਲੀ ਦੌਰਾਨ ਜਗਸੀਰ ਸਿੰਘ, ਰਘਵੀਰ ਸਿੰਘ ਝੱਬਰ, ਸਤਵੀਰ ਕੁਮਾਰ, ਗੁਰਮੀਤ ਸਿੰਘ ਗਾਗੋਵਾਲ, ਬਲਵਿੰਦਰ ਸਿੰਘ, ਸੁਖਚੈਨ ਸਿੰਘ ਨੇ ਵੀ ਸੰਬੋਧਨ ਕੀਤਾ।