ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਦਸੰਬਰ
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਨ ਦੀ ਕਾਰਵਾਈ ਨੂੰ ਬਹੁਤ ਦੇਰੀ ਨਾਲ ਚੁੱਕਿਆ ਨਿਗੂਣਾ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਅਕਾਲੀ ਆਗੂ ਵੱਲੋਂ ਇਹ ਕਾਰਵਾਈ ਜ਼ਿੰਮੇਵਾਰੀਆਂ ਤੋਂ ਭੱਜਣ ਵਾਲੀ ਹੈ। ਉਨ੍ਹਾਂ ਕਿਹਾ ਕਿ ਬਿਹਤਰ ਇਹ ਸੀ ਕਿ ਬਾਦਲ ਪਰਿਵਾਰ ਤੇ ਅਕਾਲੀ ਦਲ ਐਵਾਰਡ ਵਾਪਸ ਕਰਨ ਨਾਲੋਂ ਕਾਨੂੰਨ ਵਾਪਸ ਕਰਨ ਲਈ ਯਤਨ ਕਰਦਾ। ਉਨ੍ਹਾਂ ਮੰਗ ਕੀਤੀ ਕਿ ਬਾਦਲ ਪਰਿਵਾਰ ਆਰਡੀਨੈਂਸ ਲਿਆਉਣ ਦੀ ਹਮਾਇਤ ਕਰਨ ਬਦਲੇ ਕਿਸਾਨਾਂ ਤੋਂ ਮੁਆਫ਼ੀ ਮੰਗੇ। ਸ੍ਰੀ ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਦੀ ਸਹਿਮਤੀ ਨਾਲ ਐੱਨ.ਡੀ.ਏ. ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਲਿਆਂਦਾ ਗਿਆ। ਬਾਦਲ ਪਰਿਵਾਰ ਦੀ ਨੂੰਹ ਕੇਂਦਰੀ ਕੈਬਨਿਟ ਦਾ ਹਿੱਸਾ ਸੀ, ਜਿਸ ਨੇ ਇਹ ਆਰਡੀਨੈਂਸ ਪਾਸ ਕੀਤਾ ਸੀ।