ਹਰਪ੍ਰੀਤ ਕੌਰ
ਹੁਸ਼ਿਆਰਪੁਰ, 21 ਦਸੰਬਰ
ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦੇ ਮਾਮਲੇ ’ਚ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੀ ਅਦਾਲਤ ’ਚ ਪੇਸ਼ ਨਹੀਂ ਹੋਏ। ਉਨ੍ਹਾਂ ਦੇ ਵਕੀਲ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਐਡਵੋਕੇਟ ਹਰਜੋਤ ਕਮਲ ਸਿੰਘ ਵੱਲੋਂ ਉਨ੍ਹਾਂ ਦੇ ਬਿਮਾਰ ਹੋਣ ਕਾਰਨ ਅਦਾਲਤ ਵਿੱਚ ਪੇਸ਼ ਹੋਣ ਤੋਂ ਅਸਮਰੱਥਾ ਜ਼ਾਹਿਰ ਕੀਤੀ ਗਈ। ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇ ਸੰਮਨ ਜਾਰੀ ਕਰਕੇ ਹੁਣ 18 ਜਨਵਰੀ ਨੂੰ ਪ੍ਰਕਾਸ਼ ਸਿੰਘ ਬਾਦਲ ਨੂੰ ਨਿੱਜੀ ਤੌਰ ’ਤੇ ਹੁਸ਼ਿਆਰਪੁਰ ਦੀ ਅਦਾਲਤ ’ਚ ਪੇਸ਼ ਦੇ ਨਿਰਦੇਸ਼ ਦਿੱਤੇ ਹਨ। ਸ੍ਰੀ ਬਾਦਲ ਦੇ ਅਦਾਲਤ ’ਚ ਪੇਸ਼ ਨਾ ਹੋਣ ਦੇ ਰੋਸ ਵਿੱਚ ਸੋਸ਼ਲਿਸਟ ਪਾਰਟੀ ਆਫ਼ ਇੰਡੀਆ ਅਤੇ ਹੋਰ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅਦਾਲਤ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਮੁਜ਼ਾਹਰਾ ਕੀਤਾ।
ਸੋਸ਼ਲਿਸਟ ਪਾਰਟੀ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਅਤੇ ਓਮ ਸਿੰਘ ਸਟਿਆਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਖ਼ਿਲਾਫ਼ ਅਦਾਲਤ ਵਿਚ ਕੇਸ ਦਾਇਰ ਕੀਤਾ ਹੋਇਆ ਹੈ। ਇਸ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਤੇ ਦਲਜੀਤ ਸਿੰਘ ਚੀਮਾ ਪਹਿਲਾਂ ਅਦਾਲਤ ਵਿਚ ਪੇਸ਼ ਹੋ ਚੁੱਕੇ ਹਨ। ਤਿੰਨਾਂ ਮੁੱਖ ਵਿਅਕਤੀਆਂ ਦਾ ਅਦਾਲਤ ਵਿਚ ਪੇਸ਼ ਹੋਣਾ ਜ਼ਰੂਰੀ ਹੈ ਜਿਸ ’ਤੇ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਜਾਂ ਆਪਣੀ ਜ਼ਮਾਨਤ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।