ਇਕਬਾਲ ਸਿੰਘ ਸ਼ਾਂਤ
ਲੰਬੀ, 3 ਸਤੰਬਰ
‘ਲੌਕਡਾਊਨ’ ਦੌਰਾਨ ਲਗਪਗ ਇਕਾਂਤਵਾਸ ਵਿੱਚ ਵਿਚਰ ਰਹੇ ਸਿਆਸੀ ਬਾਬਾ ਬੋਹੜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਖੇਤੀ ਆਰਡੀਨੈਂਸਾਂ ਬਾਰੇ ਮੈਦਾਨ ’ਚ ਉੱਤਰ ਆਏ। ਉਨਾਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਹਮਲਾ ਬੋਲਦਿਆਂ ਉਨ੍ਹਾਂ ’ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਗਾਏ। ਸ੍ਰੀ ਬਾਦਲ ਨੇ ਕਿਹਾ ਕਿ ਅਮਰਿੰਦਰ ਸਿੰਘ ਆਪਣੀ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਆਰਡੀਨੈਂਸ ਦੇ ਮੁੱਦੇ ਨੂੰ ਭਖਾ ਕੇ ਜਨਤਾ ਦਾ ਧਿਆਨ ਵੰਢਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸ੍ਰੀ ਬਾਦਲ ਦੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਫੇਸਬੁਕ ਪੇਜ਼ ’ਤੇ ਲਗਪਗ 10 ਮਿੰਟ ਦੀ ਵੀਡੀਓ ਪਾਈ ਗਈ ਹੈ ਜਿਸ ਵਿੱਚ ਉਹ ਖੇਤੀ ਆਰਡੀਨੈਂਸ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਜਾਰੀ ਪੱਤਰ ਦਾ ਜ਼ਿਕਰ ਕਰਦੇ ਦਿਖਾਈ ਦਿੰਦੇ ਹਨ। ਸਾਬਕਾ ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਮੌਜੂਦਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਬਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 100 ਸਾਲਾਂ ਦੇ ਇਤਿਹਾਸ ’ਚ ਸ਼੍ਰੋਮਣੀ ਅਕਾਲੀ ਦਲ ਕਿਰਸਾਨੀ ਲਈ ਹਮੇਸ਼ਾ ਸੰਘਰਸ਼ ਕਰਦਾ ਆਇਆ ਹੈ। ਅਗਾਂਹ ਵੀ ਜਦੋਂ ਕਿਤੇ ਲੋੜ ਪਈ ਤਾਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ ’ਚ ਨਿਡਰ ਹੋ ਕੇ ਲੜਾਈ ਲੜੇਗਾ।