ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਜੂਨ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ‘ਸਿਟ’ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਰਕੋ ਟੈਸਟ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨਵੀਂ ਜਾਂਚ ਕਮੇਟੀ ਰਾਹੀਂ ਬਾਦਲ ਪਰਿਵਾਰ ਨੂੰ ਬਚਾਉਣ ਲਈ ਨਾਟਕ ਕਰ ਰਹੀ ਹੈ। ਕਾਂਗਰਸ ਸਰਕਾਰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਵਿੱਚ ਆਈ ਸੀ ਕਿ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਅਤੇ ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਜੇਲ੍ਹ ਭੇਜਿਆ ਜਾਵੇਗਾ ਪਰ ਕੈਪਟਨ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।