ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜੂਨ
ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਸਬੰਧੀ ਬਣੀ ਵਿਸ਼ੇਸ਼ ਜਾਂਚ ਟੀਮ (ਸਿਟ) ਕੋਲ ਭਲਕੇ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣਾ ਪੱਖ ਰੱਖਣਗੇ। ਉਹ ਇੱਥੇ ਸੈਕਟਰ-4 ਵਿਚਲੇ ਐੱਮਐੱਲਏ ਫਲੈਟਸ ’ਚ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਣਗੇ। ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਦੱਸ ਚੁੱਕਾ ਹੈ ਕਿ ਸਾਬਕਾ ਮੁੱਖ ਮੰਤਰੀ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਇੱਕ ਨਾਗਰਿਕ ਦੇ ਤੌਰ ’ਤੇ ਸਿਟ ਅੱਗੇ ਪੇਸ਼ ਹੋਣ ਨੂੰ ਆਪਣਾ ਕਾਨੂੰਨੀ ਤੇ ਸੰਵਿਧਾਨਕ ਫਰਜ਼ ਸਮਝਦੇ ਹਨ। ਸੂਤਰਾਂ ਅਨੁਸਾਰ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਭਲਕੇ ਪੁੱਛੇ ਜਾਣ ਵਾਲੇ ਸੁਆਲਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ ਜਿਸ ਨੂੰ ਅੱਜ ਅੰਤਿਮ ਛੋਹਾਂ ਦਿੱਤੀਆਂ ਗਈਆਂ। ਪਤਾ ਲੱਗਾ ਹੈ ਕਿ ਕਾਨੂੰਨੀ ਨਜ਼ਰੀਏ ਤੋਂ ਸਭ ਸੁਆਲਾਂ ਨੂੰ ਇਸ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ।