ਬਾਦਲਾਂ ਤੇ ਕੈਪਟਨ ਨੇ ਪੰਜਾਬ ਨੂੰ ਲੁੱਟਿਆ: ਚੀਮਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ-ਅਕਾਲੀ ਦਲ ਗੱਠਜੋੜ ਦੀ ਵਕਾਲਤ ਕਰਨ ਤੋਂ ਬਾਅਦ ਸੂਬੇ ਵਿੱਚ ਸਿਆਸਤ ਭਖ਼ ਗਈ ਹੈ। ਕੈਪਟਨ ਅਮਰਿੰਦਰ ਸਿੰਘ ਦੀਆਂ ਟਿੱਪਣੀਆਂ ਤੋਂ ਬਾਅਦ ਸੱਤਾਧਾਰੀ ਧਿਰ ‘ਆਪ’ ਅਤੇ ਵਿਰੋਧੀ ਧਿਰ ਕਾਂਗਰਸ ਵੱਲੋਂ ਮੋੜਵੇਂ ਜਵਾਬ ਦਿੱਤੇ ਜਾ ਰਹੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ’ਤੇ ਤਿੱਖਾ ਹਮਲਾ ਕੀਤਾ ਹੈ। ਸ੍ਰੀ ਚੀਮਾ ਨੇ ਦੋਵਾਂ ’ਤੇ ਪਿਛਲੇ 20 ਸਾਲਾਂ ਵਿੱਚ ਪੰਜਾਬ ਨੂੰ ਲੁੱਟਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਸਾਢੂ ਸਿਮਰਨਜੀਤ ਸਿੰਘ ਮਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਨਕਾਰ ਦਿੱਤਾ ਹੈ। ਇਸ ਦੇ ਬਾਵਜੂਦ ਇਕ ਵਾਰ ਫਿਰ ਇਹ ਸੱਤਾ ਵਿੱਚ ਵਾਪਸੀ ਦੇ ਸੁਫਨੇ ਦੇਖ ਰਹੇ ਹਨ। ‘ਆਪ’ ਵੱਲੋਂ ਦੋਵਾਂ ਪਰਿਵਾਰਾਂ ਨੂੰ ਆਪਸੀ ਮਿਲੀਭੁਗਤ ਵਿੱਚ ਕਦੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਪੰਜਾਬ ਵਿੱਚ ਭਾਜਪਾ ਦਾ ਕੋਈ ਭਵਿੱਖ ਨਹੀਂ: ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਕੋਈ ਭਵਿੱਖ ਨਹੀਂ ਹੈ। ਇਸੇ ਲਈ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨੂੰ ਸ਼ੀਸ਼ਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਦੇ ਵੀ ਪੰਜਾਬ ’ਚ ਸਰਕਾਰ ਨਹੀਂ ਬਣਾ ਸਕਦੀ, ਫਿਰ ਭਾਵੇਂ ਅਕਾਲੀਆਂ ਦੇ ਨਾਲ ਹੋਵੇ ਜਾਂ ਫਿਰ ਅਕਾਲੀਆਂ ਤੋਂ ਬਗੈਰ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਪਹਿਲਾਂ ਹੀ ਪੰਜਾਬ ਵਿੱਚੋਂ ਸਫ਼ਾਇਆ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਕਾਲੀ ਅਤੇ ਭਾਜਪਾ ਇਕੱਠੇ ਹੋ ਜਾਣ ਤਾਂ ਵੀ ਦੋਵਾਂ ਨੂੰ ਪੰਜਾਬ ਦੇ ਲੋਕ ਕਬੂਲ ਨਹੀਂ ਕਰਨਗੇ।
