ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 3 ਸਤੰਬਰ
ਪਿੰਡ ਡੇਹਲੋਂ ਵਿੱਚ ਅੱਜ ਅਕਾਲੀ ਦਲ (ਯੂਨਾਈਟਿਡ) ਦੀ ਮੀਟਿੰਗ ਹੋਈ, ਜਿਸ ਨੂੰ ਪਾਰਟੀ ਦੇ ਸੂਬਾਈ ਆਗੂਆਂ ਨੇ ਸੰਬੋਧਨ ਕੀਤਾ। ਜਨਰਲ ਸਕੱਤਰ ਮਾਨ ਸਿੰਘ ਗਰਚਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰੇ ਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਮਾੜੀਆਂ ਨੀਤੀਆਂ ਤੇ ਪਰਿਵਾਰਵਾਦ ਕਾਰਨ ਕੁਰਬਾਨੀਆਂ ਭਰੇ ਇਤਿਹਾਸ ਵਾਲੀ ਪਾਰਟੀ ਦੀ ਹਾਲਤ ਬੇਹੱਦ ਤਰਸਯੋਗ ਹੋ ਚੁੱਕੀ ਹੈ ਤੇ ਕੌਮ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਨ ਵਾਲੀ ਪਾਰਟੀ ਦੇ ਪ੍ਰਧਾਨ ’ਤੇ ਸਵਾਲ ਉੱਠਣੇ ਪਾਰਟੀ ਲਈ ਨਮੋਸ਼ੀ ਵਾਲੀ ਗੱਲ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਆਪਣੇ ਕਬਜ਼ੇ ਹੇਠ ਕਰਨ ਲਈ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਦਿੱਤਾ ਹੈ।