ਭੁਪਿੰਦਰ ਪੰਨੀਵਾਲੀਆ
ਕਾਲਾਂਵਾਲੀ, 18 ਅਗਸਤ
ਇੱਥੋਂ ਦੀ ਅਨਾਜ ਮੰਡੀ ’ਚ ਸਰਕਾਰ ਵੱਲੋਂ ਕਰਵਾਏ ਗਏ ‘ਅੰਨਪੂਰਨਾ ਉਤਸਵ’ ਦਾ ਵਿਰੋਧ ਕਰਦੇ ਹੋਏ ਮੰਡੀ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੀਆਂ ਤਸਵੀਰਾਂ ਵਾਲੇ ਝੋਲੇ ਫੂਕ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਭਾਰੀ ਗਿਣਤੀ ’ਚ ਪੁਲੀਸ ਤਾਇਨਾਤ ਸੀ। ਪਿੰਡ ਰੋੜੀ, ਸੁਖਚੈਨ ਅਤੇ ਲੱਕੜਵਾਲੀ ’ਚ ਵੀ ਕਿਸਾਨਾਂ ਵੱਲੋਂ ਅਜਿਹੇ ਝੋਲੇ ਫੂਕੇ ਗਏ ਤੇ ਨਾਅਰੇਬਾਜ਼ੀ ਕੀਤੀ ਗਈ। ਜਾਣਕਾਰੀ ਮੁਤਾਬਕ ਕਾਲਾਂਵਾਲੀ ਦੀ ਅਨਾਜ ਮੰਡੀ ਵਿੱਚ ਸਸਤੇ ਰਾਸ਼ਨ ਦੇ ਡਿੱਪੂ ’ਤੇ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਫ਼ਤ ਰਾਸ਼ਨ ਯੋਜਨਾ ਤਹਿਤ ‘ਅੰਨਪੂਰਨਾ ਉਤਸਵ’ ਮਨਾਇਆ ਜਾ ਰਿਹਾ ਸੀ। ਇਸ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਸ ਗੱਲ ਦੀ ਭਿਣਕ ਲੱਗੀ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਯੋਜਨਾ ਦਾ ਰਾਸ਼ਨ ਪ੍ਰਧਾਨ ਮੰਤਰੀ, ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੀਆਂ ਤਸਵੀਰਾਂ ਛਪੇ ਝੋਲਿਆਂ ਵਿੱਚ ਵੰਡਿਆ ਜਾਣਾ ਹੈ। ਇਸ ਦੌਰਾਨ ਭਾਰਤੀ ਕਿਸਾਨ ਏਕਤਾ ਕਾਲਾਂਵਾਲੀ ਦੇ ਪ੍ਰਧਾਨ ਗੁਰਦਾਸ ਸਿੰਘ ਲੱਕੜਵਾਲੀ ਅਤੇ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਲੋਕ ਅਨਾਜ ਮੰਡੀ ’ਚ ਇਕੱਠੇ ਹੋਏ। ਉਨ੍ਹਾਂ ਲਾਭਪਾਤਰੀਆਂ ਤੋਂ ਤਸਵੀਰਾਂ ਛਪੇ ਝੋਲੇ ਲੈ ਕੇ ਉਨ੍ਹਾਂ ਨੂੰ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੁਰਦਾਸ ਸਿੰਘ ਲੱਕੜਵਾਲੀ ਅਤੇ ਮੁਕੇਸ਼ ਕੁਮਾਰ ਨੇ ਦੱਸਿਆ ਕਿ ਇੱਕ ਪਾਸੇ ਤਾਂ ਸਰਕਾਰ ਬੀਪੀਐੱਲ ਪਰਿਵਾਰਾਂ ਦੇ ਮੁਫ਼ਤ ਰਾਸ਼ਨ ਨੂੰ ਬੰਦ ਕਰ ਰਹੀ ਹੈ ਤੇ ਦੂਜੇ ਪਾਸੇ 15 ਕਿਲੋਗ੍ਰਾਮ ਕਣਕ ਦੇ ਕੇ ਉਨ੍ਹਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ। ਕਿਸਾਨਾਂ, ਮਜ਼ਦੂਰਾਂ ਦੇ ਵਿਰੋਧ ਕਾਰਨ ਖੁਰਾਕ ਅਤੇ ਵੰਡ ਵਿਭਾਗ ਦੇ ਅਧਿਕਾਰੀਆਂ ਨੇ ‘ਅੰਨਪੂਰਨਾ ਉਤਸਵ’ ਸਮਾਗਮ ਨੂੰ ਛੇਤੀ ਨਬਿੇੜਣ ਵਿੱਚ ਭਲਾਈ ਸਮਝੀ।