ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 9 ਜੁਲਾਈ
ਜਬਰ-ਜਨਾਹ ਦੇ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਵੱਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੇ ਦਿੱਤੇ ਹੁਕਮਾਂ ਨੂੰ ਸ੍ਰੀ ਬੈਂਸ ਨੇ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ। ਵਿਧਾਇਕ ਬੈਂਸ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਖਲ ਕਰਕੇ ਇਸ ਮਾਮਲੇ ਦੀ ਸੁਣਵਾਈ ਕਰਨ ਅਤੇ ਖੁਦ ਨੂੰ ਰਾਹਤ ਦੇਣ ਦੀ ਅਪੀਲ ਕੀਤੀ ਹੈ। ਸ੍ਰੀ ਬੈਂਸ ਮੁਤਾਬਕ ਉਨ੍ਹਾਂ ਦੀ ਅਰਜ਼ੀ ਹਾਈ ਕੋਰਟ ਵਿੱਚ ਦਾਖ਼ਲ ਹੋ ਗਈ ਹੈ, ਜਿਸ ’ਤੇ ਆਉਣ ਵਾਲੇ ਹਫ਼ਤੇ ਵਿੱਚ ਸੁਣਵਾਈ ਹੋਣ ਦੇ ਆਸਾਰ ਹਨ। ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੀ ਕਾਨੂੰਨ ਪ੍ਰਕਿਰਿਆ ’ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਉਸ ’ਤੇ ਲਗਾਏ ਗਏ ਦੋਸ਼ ਗਲਤ ਹਨ, ਇਸੇ ਕਾਰਨ ਉਨ੍ਹਾਂ ਨੇ ਹੁਣ ਹਾਈ ਕੋਰਟ ਵਿੱਚ ਅਰਜ਼ੀ ਲਾਈ ਹੈ। ਜਾਣਕਾਰੀ ਅਨੁਸਾਰ ਹੇਠਲੀ ਅਦਾਲਤ ਨੇ ਬੈਂਸ ਖ਼ਿਲਾਫ਼ 15 ਜੁਲਾਈ ਤੱਕ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਸਨ।