ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ’ਤੇ ਸਖ਼ਤ ਨਿਸ਼ਾਨਾ ਸਾਧਦਿਆਂ ਝੋਨੇ ਦੀ ਫਸਲ ਦੀ ਤੁਰੰਤ ਅਤੇ ਬਿਨਾਂ ਸ਼ਰਤ ਖਰੀਦ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਸਰਕਾਰ ਵੱਲੋਂ 17 ਫ਼ੀਸਦੀ ਨਮੀ ਦੇ ਪੱਧਰ ਦੀ ਲੋੜ ’ਤੇ ਜ਼ੋਰ ਦੇਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਂ ਜ਼ਿਲ੍ਹੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਦੋਂ ਕਿ ਭਾਰੀ ਮੀਂਹ ਕਾਰਨ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਝੋਨੇ ਦੇ ਖੇਤ ਪਾਣੀ ਨਾਲ ਭਰ ਗਏ ਹਨ। ਇਸ ਨਾਲ ਕਿਸਾਨਾਂ ਲਈ ਨਮੀ ਦੇ ਮਿਆਰਾਂ ਨੂੰ ਪੂਰਾ ਕਰਨਾ ਲਗਪਗ ਅਸੰਭਵ ਹੋ ਗਿਆ ਹੈ। ਵਿਰੋਧੀ ਧਿਰ ਦੇ ਆਗੂ ਨੇ ਪੰਜਾਬ ਸਰਕਾਰ ਤੋਂ ਝੋਨੇ ਦੀ ਖਰੀਦ ਬਿਨਾਂ ਕਿਸੇ ਸ਼ਰਤ ਦੇ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਪੰਜਾਬ ਸਰਕਾਰ ਨੂੰ ਫ਼ਸਲ ਖਰੀਦ ਦਾ ਮਾਮਲਾ ਕੇਂਦਰ ਸਰਕਾਰ ਅੱਗੇ ਚੁੱਕਣ ਦੀ ਅਪੀਲ ਕੀਤੀ।