ਪੱਤਰ ਪ੍ਰੇਰਕ
ਬਨੂੜ, 26 ਅਗਸਤ
ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਵਾਲੇ ਬਨੂੜ ਦੇ ਸੱਤ ਨੌਜਵਾਨਾਂ ਦੇ ਪਰਿਵਾਰਾਂ ਨੂੰ ਦਸ-ਦਸ ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਸ੍ਰੀ ਬਾਜਵਾ ਦਾ ਇਹ ਪੱਤਰ ਅੱਜ ਇਥੇ ਨਗਰ ਕੌਂਸਲ ਬਨੂੜ ਦੇ ਪ੍ਰਧਾਨ ਜਗਤਾਰ ਸਿੰਘ ਕੰਬੋਜ ਨੇ ਜਾਰੀ ਕੀਤਾ ਹੈ। ਸ੍ਰੀ ਬਾਜਵਾ ਨੇ ਆਖਿਆ ਕਿ ਬਨੂੜ ਦੇ ਵਾਰਡ ਨੰਬਰ ਗਿਆਰਾਂ ਦੀ ਮੀਰਾਂ ਸ਼ਾਹ ਕਲੋਨੀ ਦੇ ਬਾਜ਼ੀਗਰ ਭਾਈਚਾਰੇ ਨਾਲ ਸਬੰਧਤ ਸੱਤ ਨੌਜਵਾਨਾਂ ਦੇ ਪਰਿਵਾਰ ਆਰਥਿਕ ਤੌਰ ’ਤੇ ਕਮਜ਼ੋਰ ਹਨ। ਉਨ੍ਹਾਂ ਕਿਹਾ ਕਿ ਤਿੰਨ ਮ੍ਰਿਤਕਾਂ ਦੇ ਪਿਓ ਤਾਂ ਅੰਗਹੀਣ ਹਨ ਤੇ ਕੁਝ ਵੀ ਕਰ ਸਕਣ ਤੋਂ ਅਮਸਰਥ ਹਨ ਤੇ ਇੱਕ ਵਿਧਵਾ ਕੋਲ ਛੋਟੇ-ਛੋਟੇ ਬੱਚੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ, ਜਿਸ ਨੂੰ ਵਧਾ ਕੇ 10 ਲੱਖ ਪ੍ਰਤੀ ਜੀਅ ਕੀਤਾ ਜਾਵੇ। ਉਨ੍ਹਾਂ ਹਰ ਪਰਿਵਾਰ ਲਈ ਇੱਕ-ਇੱਕ ਨੌਕਰੀ ਦੀ ਮੰਗ ਵੀ ਕੀਤੀ ਹੈ। ਇਸ ਤੋਂ ਪਹਿਲਾਂ ਕਾਂਗਰਸੀ ਆਗੂ ਨੇ ਬਨੂੜ ਵਿੱਚ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਉਨ੍ਹਾਂ ਨੂੰ ਆਰਥਿਕ ਮਦਦ ਦਿਵਾਉਣ ਲਈ ਮੁੱਖ ਮੰਤਰੀ ਨੂੰ ਪੱਤਰ ਲਿਖਣ ਦੀ ਗੱਲ ਆਖੀ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸਮੁੱਚੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਮਗਰੋਂ ਸਮੁੱਚੀਆਂ ਵਿਰੋਧੀ ਧਿਰਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੁਆਵਜ਼ਾ ਰਾਸ਼ੀ ਵਧਾਉਣ ਦੀ ਅਪੀਲ ਕਰ ਰਹੀਆਂ ਹਨ।