ਬਲਜੀਤ ਕੌਰ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਪੰਜਾਬ ਸਰਕਾਰ ਨੇ ਤਰਸ ਦੇ ਅਧਾਰ ’ਤੇ ਨਿਯੁਕਤ ਕੀਤੇ ਦੋ ਕਲਰਕ; ਪਰਿਵਾਰ ਦੇ ਮੁਖੀ ਦੀ ਮੌਤ ਮਗਰੋਂ ਤਰਸ ਦੇ ਅਧਾਰ ’ਤੇ ਦਿੱਤੀ ਜਾਂਦੀ ਹੈ ਨੌਕਰੀ
ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਨਿਯੁਕਤ ਦੋ ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਨੌਕਰੀਆਂ ਤਰਸ ਦੇ ਅਧਾਰ ’ਤੇ ਦਿੱਤੀਆਂ ਗਈਆਂ ਹਨ, ਜਿਸ ਦਾ ਮਕਸਦ ਉਨ੍ਹਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਪ੍ਰਦਾਨ ਕਰਨਾ ਹੈ ਜਿਨ੍ਹਾਂ ਦੇ ਘਰ-ਪਰਿਵਾਰ ਦੇ ਮੁਖੀ ਦੀ ਅਚਾਨਕ ਮੌਤ ਕਾਰਨ ਉਹ ਮੁਸ਼ਕਲ ਹਾਲਾਤ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਨਿਯੁਕਤੀ ਨਾ ਸਿਰਫ਼ ਪ੍ਰਭਾਵਿਤ ਪਰਿਵਾਰ ਨੂੰ ਨਵੀਂ ਉਮੀਦ ਦਿੰਦੀ ਹੈ, ਸਗੋਂ ਸਰਕਾਰ ਦੇ ਸੰਵੇਦਨਸ਼ੀਲ ਅਤੇ ਮਨੁੱਖਤਾ-ਭਰੇ ਰੁਖ ਨੂੰ ਵੀ ਦਰਸਾਉਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਕੇ ਯੁਵਾ ਵਰਗ ਨੂੰ ਹੌਸਲਾ ਦਿੱਤਾ ਜਾਵੇ। ਉਨ੍ਹਾਂ ਨੇ ਨਵੇਂ ਨਿਯੁਕਤ ਕੀਤੇ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਲੋਕਾਂ ਦੀ ਸੇਵਾ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਕਿਸੇ ਵੀ ਵਿਭਾਗ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਵੱਲੋਂ ਇਮਾਨਦਾਰੀ ਨਾਲ ਕੀਤਾ ਕੰਮ ਹੀ ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਸਫ਼ਲਤਾਪੂਰਵਕ ਪਹੁੰਚਾਉਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰ ਇੱਕ ਕਰਮਚਾਰੀ ਦਾ ਯੋਗਦਾਨ ਸੂਬੇ ਦੇ ਵਿਕਾਸ ਵਿੱਚ ਬਹੁਤ ਮਹੱਤਵਪੂਰਨ ਹੈ।