ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਪਾਬੰਦੀ ਨਿੰਦਣਯੋਗ: ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਸਿੱਖ ਜਥੇ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਨਗੀ ਨਾ ਦੇਣਾ ਮੰਦਭਾਗਾ ਤੇ ਨਿਰਾਸ਼ਾਜਨਕ ਫ਼ੈਸਲਾ ਹੈ। ਸ੍ਰੀ ਧਾਮੀ ਨੇ ਕਿਹਾ ਕਿ ਸਿੱਖ ਕੌਮ ਲਈ ਪਾਵਨ ਗੁਰਧਾਮਾਂ ਦੀ ਯਾਤਰਾ ਧਾਰਮਿਕ ਭਾਵਨਾ ਨਾਲ ਜੁੜੀ ਹੋਈ ਹੈ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਦੀ ਯਾਤਰਾ ਨਾਲ ਦੋਵਾਂ ਦੇਸ਼ਾਂ ਵਿਚਕਾਰ ਸਾਂਝੇ ਰਿਸ਼ਤੇ ਮਜ਼ਬੂਤ ਹੁੰਦੇ ਹਨ। ਇਸ ਲਈ ਸਰਕਾਰ ਵੱਲੋਂ ਇਸ ਯਾਤਰਾ ਨੂੰ ਰੋਕਣਾ ਨਿਰਾਸ਼ਾਜਨਕ ਕਦਮ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪਸ਼ਟ ਕੀਤਾ ਕਿ ਭਾਰਤ ਸਰਕਾਰ ਨੇ ਸੰਗਤ ਦੀਆਂ ਭਾਵਨਾਵਾਂ ਨੂੰ ਅਣਡਿੱਠ ਕਰ ਕੇ ਇਹ ਫ਼ੈਸਲਾ ਕੀਤਾ ਹੈ ਜਿਸ ਕਾਰਨ ਸਿੱਖਾਂ ’ਚ ਰੋਸ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਆਦਰ ਕਰਦਿਆਂ ਇਸ ਧਾਰਮਿਕ ਯਾਤਰਾ ਲਈ ਤੁਰੰਤ ਪ੍ਰਵਾਨਗੀ ਦਿੱਤੀ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖ਼ਾਲਸਾ ਪੰਥ ਨੂੰ ਵੀ ਅਪੀਲ ਕੀਤੀ ਕਿ ਭਾਰਤ ਸਰਕਾਰ ਦੇ ਇਸ ਫ਼ੈਸਲੇ ਵਿਰੁੱਧ ਆਪਣਾ ਸਪਸ਼ਟ ਵਿਰੋਧ ਦਰਜ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੇਂਦਰ ਸਰਕਾਰ ਨੂੰ ਇਸ ਸਬੰਧੀ ਪੱਤਰ ਭੇਜ ਕੇ ਰੋਸ ਦਰਜ ਕਰਵਾਏਗੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਸਿੱਖ ਵਿਚਾਰਧਾਰਾ ਮਨੁੱਖਤਾ ਨੂੰ ਜੋੜਦੀ ਹੈ ਅਤੇ ਆਪਸੀ ਸਦਭਾਵਨਾ ਸਿਖਾਉਂਦੀ ਹੈ। ਇਨ੍ਹਾਂ ਗੁਰਧਾਮਾਂ ਦੀ ਯਾਤਰਾ ਸਿਰਫ਼ ਧਾਰਮਿਕ ਹੀ ਨਹੀਂ, ਸਗੋਂ ਮਨੁੱਖੀ ਭਾਵਨਾਵਾਂ ਅਤੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਦਾ ਸਾਧਨ ਵੀ ਹੈ।