ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਜੂਨ
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਵਾਸਤੇ ਮੁਲਾਕਾਤ ਲਈ ਸਮਾਂ ਦੇਣ ਦੀ ਕੀਤੀ ਮੰਗ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਸ ਸਬੰਧ ਵਿਚ ਪ੍ਰਧਾਨ ਮੰਤਰੀ ਦਫ਼ਤਰ ਨੂੰ ਪੱਤਰ ਭੇਜਿਆ ਹੈ। ਹੁਣ ਤੱਕ 15 ਦਿਨ ਬੀਤ ਜਾਣ ਦੇ ਬਾਵਜੂਦ ਪੀਐੱਮਓ ਵੱਲੋਂ ਇਸ ਸਬੰਧੀ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ ਇਸ ਵੇਲੇ ਸਮੁੱਚੀ ਸਿੱਖ ਕੌਮ ਦਾ ਭਖ਼ਦਾ ਮਸਲਾ ਬਣ ਚੁੱਕਿਆ ਹੈ ਅਤੇ ਸਿੱਖ ਕੌਮ ਇਸ ਮੁੱਦੇ ਪ੍ਰਤੀ ਗੰਭੀਰ ਹੈ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਵਲੋਂ ਭੇਜੇ ਪੱਤਰ ਦਾ ਹੁੰਗਾਰਾ ਦੇਣ ਤਾਂ ਜੋ ਬੰਦੀ ਸਿੱਖਾਂ ਦੀ ਰਿਹਾਈ ਲਈ ਅਰੰਭ ਕੀਤੀ ਚਾਰਾਜੋਈ ਅਗਲੇ ਪੜਾਅ ’ਤੇ ਪੁੱਜ ਸਕੇ।