ਬੀ ਐਸ ਚਾਨਾ
ਸ੍ਰੀ ਕੀਰਤਪੁਰ ਸਾਹਿਬ, 22 ਜੁਲਾਈ
ਅੱਠਵੇਂ ਗੁਰੂ ਹਰਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਮਹਿਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਸਣੇ ਵੱਡੀ ਗਿਣਤੀ ਸੰਗਤ ਗੁਰੂ ਘਰ ਨਤਮਸਤਕ ਹੋਈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਦਿੱਲੀ ਦੀ ਕੇਜਰੀਵਾਲ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਆਗੂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਦਰਵਾਜ਼ੇ ’ਤੇ ਵਰ੍ਹਦੇ ਮੀਂਹ ਵਿੱਚ ਜਾ ਕੇ ਖੜ੍ਹੇ ਰਹੇ ਪਰ ਕੇਜਰੀਵਾਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਕੋਈ ਸੁਹਿਰਦਤਾ ਨਾ ਦਿਖਾਉਂਦਿਆਂ ਇਕ ਧਾਰਮਿਕ ਸੰਸਥਾ ਦੇ ਮੁਖੀ ਅਤੇ ਆਗੂ ਸਾਹਿਬਾਨ ਨੂੰ ਮਿਲਣ ਦਾ ਸਮਾਂ ਤੱਕ ਨਹੀਂ ਦਿੱਤਾ ਗਿਆ।
ਉਥੇ ਹੀ ਹਵਾਰਾ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਵਾਸਤੇ ਪੰਜਾਬ ਦੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਦੀ ਅਪੀਲ ਕੀਤੀ ਤੇ ਜਥੇਬੰਦੀ ਨੇ ਇਸ ਸਬੰਧ ਵਿੱਚ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਹੈ।