ਸੁਪਰੀਮ ਕੋਰਟ ਦੇ ਨਿਰਦੇਸ਼ ਦੇ ਆਧਾਰ ’ਤੇ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ: ਧਾਮੀ
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਰੱਖਣ ਵਿਰੁੱਧ ਦਿੱਤੇ ਨਿਰਦੇਸ਼ਾਂ ਦਾ ਸਵਾਗਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸਜ਼ਾ ਪੂਰੀ ਕਰਨ ਵਾਲੇ ਕੈਦੀਆਂ ਨੂੰ ਰਿਹਾਅ ਕਰਨ ਦੇ ਨਿਰਦੇਸ਼ ਮਾਨਵੀ ਅਧਿਕਾਰਾਂ ਦੀ ਤਰਜਮਾਨੀ ਹਨ। ਉਨ੍ਹਾਂ ਕੇਂਦਰ ਅਤੇ ਸਬੰਧਤ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਫੈਸਲੇ ਦੀ ਰੋਸ਼ਨੀ ਵਿੱਚ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਕਿਉਂਕਿ ਇਨ੍ਹਾਂ ਨੇ ਉਮਰ ਕੈਦ ਤੋਂ ਵੀ ਦੁੱਗਣੀਆਂ ਸਜ਼ਾਵਾਂ ਭੁਗਤ ਲਈਆਂ ਹਨ। ਉਨ੍ਹਾਂ ਕਿਹਾ ਕਿ ਭਾਈ ਗੁਰਦੀਪ ਸਿੰਘ ਖੇੜਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਦੇਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਤਾਰਾ ਅਤੇ ਹੋਰਨਾਂ ਨੇ ਕਰੀਬ 30 ਸਾਲਾਂ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾਇਆ ਹੈ, ਪਰ ਸਰਕਾਰੀ ਨੀਤੀਆਂ ਕਾਰਨ ਉਨ੍ਹਾਂ ਨੂੰ ਰਿਹਾਈ ਨਹੀਂ ਮਿਲ ਰਹੀ। ਉਨ੍ਹਾਂ ਨੇ ਸਿੱਖ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਇਸ ਮੁੱਦੇ ’ਤੇ ਏਕਤਾ ਨਾਲ ਖੜ੍ਹੇ ਰਹਿਣ ਅਤੇ ਨਿਆਂ ਲਈ ਆਵਾਜ਼ ਬੁਲੰਦ ਕਰਨ। ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਹਰ ਸੰਭਵ ਕਾਨੂੰਨੀ ਕਦਮ ਚੁੱਕੇਗੀ।