ਬੈਂਕ ਘਪਲਾ: ਅਦਾਲਤ ਨੇ ਫ਼ਰਾਰ ਮੁਲਾਜ਼ਮ ਦੀ ਪਤਨੀ ਨੂੰ ਜੇਲ੍ਹ ਭੇਜਿਆ
ਮਾਮਲੇ ਦੀ ਅਗਲੀ ਸੁਣਵਾਈ 8 ਨੂੰ; ਮੁਲਜ਼ਮ ਦੀ ਪਤਨੀ ਨੇ ਖਾਤੇ ਰਾਹੀਂ ਹੋਏ ਲੈਣ-ਦੇਣ ਤੋਂ ਅਣਜਾਣਤਾ ਪ੍ਰਗਟਾਈ
Advertisement
ਇਥੇ ਭਾਰਤੀ ਸਟੇਟ ਬੈਂਕ ਘਪਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੀ ਗਈ ਮੁੱਖ ਮੁਲਜ਼ਮ ਦੀ ਪਤਨੀ ਨੂੰ ਅੱਜ ਡਿਊਟੀ ਮੈਜਿਸਟਰੇਟ ਜੁਗਰਾਜ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਅਮਿਤ ਧੀਂਗੜਾ ਦੀ ਪਤਨੀ ਰੁਪਿੰਦਰ ਕੌਰ ਦੇ ਖਾਤੇ ਰਾਹੀਂ ਕਰੀਬ ਤਿੰਨ ਕਰੋੜ ਰੁਪਏ ਦਾ ਲੈਣ-ਦੇਣ ਕੀਤਾ ਗਿਆ ਸੀ। ਇਸੇ ਤੱਥ ਦੇ ਆਧਾਰ ’ਤੇ ਪੁਲੀਸ ਨੇ ਰੁਪਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਨੂੰ ਇਸ ਘਪਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਡਿਊਟੀ ਮੈਜਿਸਟਰੇਟ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜਣ ਦੇ ਆਦੇਸ਼ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 8 ਅਗਸਤ ਨੂੰ ਹੋਵੇਗੀ। ਮੁਲਜ਼ਮ ਅਮਿਤ ਧੀਂਗੜਾ ਹਾਲੇ ਤੱਕ ਫਰਾਰ ਦੱਸਿਆ ਜਾ ਰਿਹਾ ਹੈ। ਜ਼ਿਲ੍ਹਾ ਮੁਖੀ ਪ੍ਰੱਗਿਆ ਜੈਨ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਬੈਂਕ ਮੁਲਾਜ਼ਮਾਂ ਅਤੇ ਖਾਤਾਧਾਰਕਾਂ ਦੇ ਵਿੱਤੀ ਰਿਕਾਰਡ ਅਤੇ ਲੈਣ-ਦੇਣ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੇ ਇਸ ਘਪਲੇ ਵਿੱਚ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਨ੍ਹਾਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਰੁਪਿੰਦਰ ਕੌਰ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਇਸ ਮਾਮਲੇ ਵਿੱਚ ਬਿਨਾਂ ਕਾਰਨ ਫਸਾਇਆ ਗਿਆ ਹੈ। ਰੁਪਿੰਦਰ ਦਾ ਕਹਿਣਾ ਹੈ ਕਿ ਉਸ ਦੇ ਬੈਂਕ ਖਾਤੇ ਰਾਹੀਂ ਹੋਏ ਲੈਣ-ਦੇਣ ਬਾਰੇ ਉਸ ਨੂੰ ਕੋਈ ਜਾਣਕਾਰੀ ਨਹੀਂ ਹੈ।
Advertisement
Advertisement