ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 23 ਜੁਲਾਈ
ਸਰਬੱਤ ਖਾਲਸਾ ਵੱਲੋਂ ਥਾਪੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਨੂੰ ਖ਼ਤਮ ਕਰਾਉਣ ਵੇਲੇ ਕੀਤੇ ਵਾਅਦਿਆਂ ਤੋਂ ਭੱਜਣ ਦੇ ਦੋਸ਼ ਹੇਠ ਪੰਜਾਬ ਸਰਕਾਰ ਦੇ ਦੋ ਮੰਤਰੀਆਂ ਤੇ ਤਿੰਨ ਵਿਧਾਇਕਾਂ ਨੂੰ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ। ਅੱਜ ਇੱਥੇ ਸ੍ਰੀ ਅਕਾਲ ਤਖ਼ਤ ’ਤੇ ਨਤਮਸਤਕ ਹੋਣ ਮਗਰੋਂ ਸੂਚਨਾ ਕੇਂਦਰ ਨੇੜੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਵੱਲੋਂ ਵਾਅਦਾਖਿਲਾਫੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਪੱਸ਼ਟੀਕਰਨ ਦੇਣ ਲਈ ਦੋ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਤਿੰਨ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਲਬੀਰ ਸਿੰਘ ਜ਼ੀਰਾ ਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ 2 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ। ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਪੰਜ ਮੈਂਬਰੀ ਟੀਮ ਨੇ ਬਰਗਾੜੀ ਵਿੱਚ ਨਿਆਂ ਲਈ ਮੋਰਚਾ ਲਾ ਕੇ ਬੈਠੀ ਸਿੱਖ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਮੋਰਚੇ ਦੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ, ਜਿਸ ਉਸ ਵੇਲੇ ਮੁਲਤਵੀ ਕਰ ਦਿੱਤਾ ਗਿਆ ਸੀ ਪਰ 9 ਦਸੰਬਰ, 2018 ਤੋਂ ਲੈ ਕੇ ਹੁਣ ਤੱਕ ਸਰਕਾਰ ਵੱਲੋਂ ਕੀਤੇ ਗਏ ਇਨ੍ਹਾਂ ਵਾਅਦਿਆਂ ’ਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਸਰਕਾਰ ਦੀ ਪੰਜ ਮੈਂਬਰੀ ਟੀਮ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਮਾਮਲਾ ਗੁਰੂ ਗ੍ਰੰਥ ਸਾਹਿਬ ਅਤੇ ਪੰਥ ਨਾਲ ਜੁੜਿਆ ਹੋਇਆ ਹੈ, ਇਸ ਲਈ ਕੋਈ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੰਤਰੀਆਂ ਤੇ ਵਿਧਾਇਕਾਂ ਨੇ ਪੇਸ਼ ਹੋ ਕੇ ਵਾਅਦਾਖ਼ਿਲਾਫ਼ੀ ਬਾਰੇ ਸਪੱਸ਼ਟੀਕਰਨ ਨਾ ਦਿੱਤਾ ਤਾਂ ਪੰਥਕ ਰਵਾਇਤਾਂ ਮੁਤਾਬਕ ਕਾਰਵਾਈ ਬਾਰੇ ਵਿਚਾਰ ਕੀਤਾ ਜਾਵੇਗਾ।