Barnala Lathicharge: ਜ਼ਖ਼ਮੀ ਕਰਮਚਾਰੀਆਂ ਲਈ ਮੁਆਵਜ਼ਾ ਅਤੇ ਦੋਸ਼ੀ ਅਧਿਕਾਰੀਆਂ ’ਤੇ ਕਾਰਵਾਈ ਕਰੇ 'ਆਪ' ਸਰਕਾਰ: ਕੇਵਲ ਸਿੰਘ ਢਿੱਲੋਂ
ਭਾਜਪਾ ਦੇ ਸੂਬਾ ਪ੍ਰਧਾਨ ਨੇ ਬਰਨਾਲਾ ਹਸਪਤਾਲ ਪੁੱਜ ਕੇ ਜ਼ਖ਼ਮੀਆਂ ਦਾ ਹਾਲ ਪੁੱਛਿਆ
Barnala Lathicharge BJP: ਬਰਨਾਲਾ ਵਿਚ ਆਪਣੀਆਂ ਮੰਗਾਂ ਲਈ ਸ਼ਾਂਤੀਪੂਰਵਕ ਧਰਨਾ ਦੇ ਰਹੇ ਸਫ਼ਾਈ ਕਰਮਚਾਰੀਆਂ ਅਤੇ ਮਹਿਲਾਵਾਂ ’ਤੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਿੰਦਾ ਕੀਤੀ ਹੈ। ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਜ਼ਖ਼ਮੀ ਕਰਮਚਾਰੀਆਂ ਦਾ ਹਾਲ-ਚਾਲ ਪੁੱਛਣ ਪਹੁੰਚੇ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਹਸਪਤਾਲ ਪ੍ਰਸ਼ਾਸਨ ਦੇ ਰਵੱਈਏ ’ਤੇ ਨਿਸ਼ਾਨੇ ਸੇਧੇ ਅਤੇ ਪੀੜਤਾਂ ਨੂੰ ਆਪਣੇ ਪੱਧਰ 'ਤੇ ਇਲਾਜ ਲਈ ਮਾਲੀ ਸਹਾਇਤਾ ਵੀ ਪ੍ਰਦਾਨ ਕੀਤੀ।
ਇਸ ਤੋਂ ਪਹਿਲਾਂ ਉਹਨਾਂ ਨਗਰ ਨਿਗਮ ਵਿਖੇ ਚੱਲ ਰਹੇ ਸਫ਼ਾਈ ਕਰਮਚਾਰੀਆਂ ਦੇ ਧਰਨੇ ਵਿੱਚ ਵੀ ਹਾਜ਼ਰੀ ਲਵਾਈ ਅਤੇ ਸਫ਼ਾਈ ਕਰਮਚਾਰੀਆਂ ਨਾਲ ਡੱਟ ਕੇ ਖੜ੍ਹਨ ਦੇ ਭਰੋਸਾ ਦਿੱਤਾ।
ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਲੋਕਤੰਤਰ ਵਿੱਚ ਧਰਨੇ-ਪ੍ਰਦਰਸ਼ਨਾਂ ਨੂੰ ਹਰੇਕ ਨਾਗਰਿਕ ਦਾ ਅਧਿਕਾਰ ਦੱਸਦੇ ਸਨ, ਪਰ ਅੱਜ ਉਨ੍ਹਾਂ ਦੇ ਰਾਜ ਵਿੱਚ ਆਪਣੇ ਹੱਕ ਮੰਗ ਰਹੀਆਂ ਗਰੀਬ ਮਾਵਾਂ-ਭੈਣਾਂ ਅਤੇ ਸਫ਼ਾਈ ਕਰਮਚਾਰੀਆਂ ’ਤੇ ਜ਼ਾਲਮਾਨਾ ਢੰਗ ਨਾਲ ਡਾਂਗਾਂ ਵਰ੍ਹਾਈਆਂ ਗਈਆਂ ਹਨ, ਜਿਸ ਨਾਲ ਕਈ ਕਰਮਚਾਰੀ ਜ਼ਖਮੀ ਹੋਏ ਹਨ।
ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦਾ ਅਹਿਮ ਕੰਮ ਕਰਦੇ ਹਨ ਅਤੇ ਇਹਨਾਂ ਮਿਹਨਤਕਸ਼ਾਂ ਦਾ ਜਿੰਨਾ ਧੰਨਵਾਦ ਕੀਤਾ ਜਾਵੇ ਘੱਟ ਹੈ, ਪਰ ਇਹ ਸਰਕਾਰ ਜਾਇਜ਼ ਮੰਗਾਂ ਮੰਨਣ ਦੀ ਥਾਂ ਲਾਠੀਆਂ ਚਲਾ ਰਹੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਾਲ 2022 ਵਿੱਚ ਅਰਵਿੰਦ ਕੇਜਰੀਵਾਲ ਨੇ ਸਾਰੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਗਾਰੰਟੀ ਦਿੱਤੀ ਸੀ ਪਰ ਐੱਮ.ਸੀ. ਚੋਣਾਂ ਵੇਲੇ ਵੀ ਸਰਕਾਰ ਨੇ ਇਹਨਾਂ ਨਾਲ ਧੋਖਾ ਕੀਤਾ। ਸਰਕਾਰ ਦਾ ਇਹ ਤਸ਼ੱਦਦ ਭਰਿਆ ਰਵੱਈਆ ਨਵਾਂ ਨਹੀਂ ਹੈ, ਇਸ ਤੋਂ ਪਹਿਲਾਂ ਖੰਨੇ ਵਿਖੇ ਮਨਰੇਗਾ ਕਰਮਚਾਰੀਆਂ ਅਤੇ ਪਟਿਆਲਾ ਵਿਖੇ ਬੇਰੁਜ਼ਗਾਰਾਂ ’ਤੇ ਵੀ ਇਸੇ ਤਰ੍ਹਾਂ ਲਾਠੀਚਾਰਜ ਕੀਤਾ ਗਿਆ ਸੀ।

