ਲਖਵੀਰ ਸਿੰਘ ਟੱਲੇਵਾਲ
ਟੱਲੇਵਾਲ, 24 ਜੂਨ
ਮੌਨਸੂਨ ਨਾਲ ਨਿਪਟਣ ਲਈ ਜ਼ਿਲ੍ਹਾ ਬਰਨਾਲਾ ਵਿੱਚ ਕੋਈ ਵੀ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ। ਡਰੇਨਾਂ ਦੀ ਸਫ਼ਾਈ ਨਾ ਹੋਣ ਕਾਰਨ ਹਰ ਸਾਲ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਬਰਬਾਦ ਹੋ ਜਾਂਦੀ ਹੈ। ਇਸ ਵਾਰ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਰੇਨਾਂ ਦੀ ਸਫ਼ਾਈ ਨਾ ਕਰਵਾਏ ਜਾਣ ਕਾਰਨ ਕਿਸਾਨਾਂ ਨੂੰ ਆਪਣੀ ਫਸਲਾਂ ਬਰਬਾਦ ਹੋਣ ਦਾ ਡਰ ਸਤਾ ਰਿਹਾ ਹੈ। ਬਰਨਾਲਾ ਸ਼ਹਿਰ ਦੇ ਨੇੜੇ ਤੋਂ ਲੰਘਦੀ ਲਸਾੜਾ ਡਰੇਨ, ਜੋ ਲੁਧਿਆਣਾ ਤੋਂ ਚੱਲ ਕੇ ਅੱਗੇ ਰਾਜਸਥਾਨ ਤੱਕ ਜਾਂਦੀ ਹੈ, ਦੀ ਕੋਈ ਸਫਾਈ ਨਹੀਂ ਕਰਵਾਈ ਗਈ। ਕਿਸਾਨ ਮਲਕੀਤ ਸਿੰਘ, ਗੁਰਮੇਲ ਸਿੰਘ ਅਤੇ ਬਿੱਕਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹਰ ਵਾਰ ਡਰੇਨਾਂ ਦੀ ਕੋਈ ਵੀ ਸਫਾਈ ਨਹੀਂ ਕਰਵਾਈ ਜਾਂਦੀ , ਜਿਸ ਕਾਰਨ ਡਰੇਨਾਂ ਦਾ ਪਾਣੀ ਓਵਰਫਲੋਅ ਹੋ ਕੇ ਉਨ੍ਹਾਂ ਦੇ ਘਰਾਂ ਦੇ ਨਾਲ ਨਾਲ ਉਨ੍ਹਾਂ ਦੇ ਖੇਤਾਂ ਵਿੱਚ ਵੜ ਜਾਂਦਾ ਹੈ। ਕੋਠੇ ਰਾਮਸਰ ਦੇ ਕਿਸਾਨਾਂ ਨੇ ਦੱਸਿਆ ਕਿ ਲਸਾੜਾ ਡਰੇਨ ਉਨ੍ਹਾਂ ਦੇ ਘਰਾਂ ਅਤੇ ਖੇਤਾਂ ਦੇ ਨੇੜੇ ਤੋਂ ਲੰਘਦੀ ਹੈ। ਹਰ ਸਾਲ ਉਨ੍ਹਾਂ ਦੀ ਦੋ ਹਜ਼ਾਰ ਏਕੜ ਦੇ ਕਰੀਬ ਫਸਲ ਬਰਬਾਦ ਹੋ ਜਾਂਦੀ ਹੈ।ਮੌਨਸੂਨ ਤੋਂ ਪਹਿਲਾਂ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਡਰੇਨ ਦੀ ਸਫ਼ਾਈ ਸਬੰਧੀ ਅਪੀਲ ਕੀਤੀ ਜਾਂਦੀ ਹੈ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ।
ਬਰਨਾਲਾ ਦੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਮੌਨਸੂਨ ਨੂੰ ਲੈ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਨਾਲ ਨਿਪਟਣ ਲਈ ਤਿਆਰੀ ਕੀਤੀ ਜਾ ਰਹੀ ਹੈ। ਫੰਡਾਂ ਦੀ ਘਾਟ ਕਾਰਨ ਕੁੱਝ ਦਿੱਕਤ ਆਈ ਹੈ, ਜਿਸ ਕਰਕੇ ਜਲਦ ਹੀ ਜੇਸੀਬੀ ਮਸ਼ੀਨਾਂ ਦੀ ਮੱਦਦ ਨਾਲ ਡਰੇਨਾਂ ਦੀ ਸਫਾਈ ਕਰਵਾ ਦਿੱਤੀ ਜਾਵੇਗੀ।