Khanna Grain Market ’ਚ ਬਾਸਮਤੀ ਝੋਨੇ ਦੀ ਆਮਦ ਤੇਜ਼
ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਵਜੋਂ ਜਾਣੀ ਜਾਂਦੀ ਖੰਨਾ ਅਨਾਜ ਮੰਡੀ ਵਿੱਚ ਇਨ੍ਹੀਂ ਦਿਨੀਂ ਬਾਸਮਤੀ ਝੋਨੇ ਦੀ ਆਮਦ ਪੂਰੇ ਜ਼ੋਰਾਂ ’ਤੇ ਹੈ। ਮੰਡੀ ਵਿੱਚ ਫ਼ਸਲ ਆਉਣ ਦਾ ਸਿਲਸਿਲਾ 2 ਸਤੰਬਰ ਤੋਂ ਸ਼ੁਰੂ ਹੋਇਆ ਸੀ ਅਤੇ ਹੁਣ ਤੱਕ 4,682 ਕੁਇੰਟਲ...
ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਵਜੋਂ ਜਾਣੀ ਜਾਂਦੀ ਖੰਨਾ ਅਨਾਜ ਮੰਡੀ ਵਿੱਚ ਇਨ੍ਹੀਂ ਦਿਨੀਂ ਬਾਸਮਤੀ ਝੋਨੇ ਦੀ ਆਮਦ ਪੂਰੇ ਜ਼ੋਰਾਂ ’ਤੇ ਹੈ। ਮੰਡੀ ਵਿੱਚ ਫ਼ਸਲ ਆਉਣ ਦਾ ਸਿਲਸਿਲਾ 2 ਸਤੰਬਰ ਤੋਂ ਸ਼ੁਰੂ ਹੋਇਆ ਸੀ ਅਤੇ ਹੁਣ ਤੱਕ 4,682 ਕੁਇੰਟਲ ਤੋਂ ਵੱਧ ਝੋਨੇ ਦੀ ਖਰੀਦ ਹੋ ਚੁੱਕੀ ਹੈ। ਭਾਵੇਂ ਆਮ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣੀ ਹੈ, ਪਰ ਹਰ ਸਾਲ ਵਾਂਗ ਬਾਸਮਤੀ ਦੀ ਆਮਦ ਪਹਿਲਾਂ ਹੀ ਸ਼ੁਰੂ ਹੋ ਗਈ ਹੈ। ਅੱਜ ਵੀ ਮੰਡੀ ਵਿੱਚ 662 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਗਈ। ਕਿਸਾਨਾਂ ਨੂੰ ਬਾਸਮਤੀ ਦਾ ਭਾਅ 3750 ਤੋਂ 3925 ਰੁਪਏ ਪ੍ਰਤੀ ਕੁਇੰਟਲ ਤੱਕ ਮਿਲ ਰਿਹਾ ਹੈ। ਫਿਲਹਾਲ ਇਹ ਸਾਰੀ ਖ਼ਰੀਦ ਪ੍ਰਾਈਵੇਟ ਏਜੰਸੀਆਂ ਅਤੇ ਸ਼ੈਲਰ ਮਾਲਕ ਹੀ ਕਰ ਰਹੇ ਹਨ।
ਦੂਜੇ ਪਾਸੇ, ਆਗਾਮੀ ਝੋਨੇ ਦੇ ਸੀਜ਼ਨ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਮਾਰਕੀਟ ਕਮੇਟੀ ਦੇ ਚੇਅਰਮੈਨ ਜਗਤਾਰ ਗਿੱਲ ਅਤੇ ਸਕੱਤਰ ਕਮਲਦੀਪ ਸਿੰਘ ਮਾਨ ਨੇ ਦੱਸਿਆ ਕਿ ਅਕਤੂਬਰ ਵਿੱਚ ਸ਼ੁਰੂ ਹੋਣ ਵਾਲੀ ਸਰਕਾਰੀ ਖਰੀਦ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਮੰਡੀ ਵਿੱਚ ਸਫ਼ਾਈ, ਪੀਣ ਵਾਲੇ ਪਾਣੀ, ਬਾਰਦਾਨੇ ਅਤੇ ਖਰੀਦੇ ਜਾਣ ਵਾਲੇ ਝੋਨੇ ਦੀ ਸੁਚਾਰੂ ਢੋਆ-ਢੁਆਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੀਜ਼ਨ ਦੌਰਾਨ ਕੋਈ ਪ੍ਰੇਸ਼ਾਨੀ ਨਾ ਆਵੇ। ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀ ਵਿੱਚ ਆਪਣਾ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ। ਇਸ ਨਾਲ ਫ਼ਸਲ ਦੀ ਨਾਲੋ-ਨਾਲ ਖਰੀਦ ਹੋ ਸਕੇਗੀ ਅਤੇ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਜਾਂ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

