ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਸਤੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਟਾਲਾ ਨੂੰ ਜ਼ਿਲ੍ਹਾ ਬਣਾਏ ਜਾਣ ਦੇ ਮਾਮਲੇ ’ਤੇ ਸਿਆਸੀ ਸਿਹਰਾ ਆਪਣੇ ਨਵੇਂ ਮਿੱਤਰ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਸਿਰ ਸਜਾਉਣ ਦੇ ਇੱਛੁਕ ਹਨ। ਅਮਰਿੰਦਰ ਸਿੰਘ ਨੇ ਅੱਜ ਇਸ ਮਾਮਲੇ ’ਤੇ ਆਪਣੀ ਗੱਲ ਰੱਖ ਕੇ ਬਾਗੀ ਸੁਰ ਰੱਖਣ ਵਾਲੇ ਮਝੈਲ ਵਜ਼ੀਰਾਂ ਦੀ ਜੋੜੀ ਨੂੰ ਠਿੱਬੀ ਲਾਉਣ ਦਾ ਪੈਂਤੜਾ ਲਿਆ ਹੈ। ਦੱਸਣਯੋਗ ਹੈ ਕਿ ਵਜ਼ੀਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਹਾਲ ’ਚ ਹੀ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਬਟਾਲਾ ਨੂੰ ਜ਼ਿਲ੍ਹਾ ਬਣਾਏ ਜਾਣ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਬਟਾਲਾ ਨੂੰ ਜ਼ਿਲ੍ਹਾ ਐਲਾਨਣ ਦੀ ਮੰਗ ਪਹਿਲਾਂ ਹੀ ਵਿਚਾਰ ਅਧੀਨ ਹੈ ਅਤੇ ਇਸ ਬਾਰੇ ਅੰਤਿਮ ਫੈਸਲਾ ਸਬੰਧਤ ਵੱਖ ਵੱਖ ਮਾਮਲਿਆਂ ਨੂੰ ਵਿਚਾਰਨ ਤੋਂ ਬਾਅਦ ਲਿਆ ਜਾਵੇਗਾ। ਅਮਰਿੰਦਰ ਨੇ ਮਾਝੇ ਦੇ ਵਜ਼ੀਰਾਂ ਦੀ ਮੰਗ ਦੇ ਜਵਾਬ ਵਿਚ ਕਿਹਾ ਕਿ ਉਨ੍ਹਾਂ ਅਜਿਹਾ ਹੀ ਮੰਗ ਪੱਤਰ ਬੀਤੇ ਮਹੀਨੇ ਇਕ ਹੋਰ ਕਾਂਗਰਸੀ ਨੇਤਾ ਪਾਸੋਂ ਪ੍ਰਾਪਤ ਕੀਤਾ ਸੀ ਅਤੇ ਉਹ ਮਾਮਲੇ ਨੂੰ ਵਿਚਾਰ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਮੀਡੀਆ ਵਿਚ ਕੁਝ ਰਿਪੋਰਟਾਂ ਵੀ ਇਹ ਦਰਸਾਉਂਦੀਆਂ ਹਨ ਕਿ ਬਟਾਲਾ ਦੇ ਵਾਸੀਆਂ ਨੇ ਵੀ ਜਨਤਕ ਤੌਰ ਉਤੇ ਆਪਣੇ ਖੇਤਰ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ 11 ਅਗਸਤ, 2021 ਦੇ ਆਪਣੇ ਪੱਤਰ ਵਿੱਚ ਬਟਾਲਾ ਦੀ ਇਤਿਹਾਸਕ ਮਹੱਤਤਾ ਦੱਸਦਿਆਂ ਅਤੇ 1487 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇੱਥੇ ਮਾਤਾ ਸੁਲੱਖਣੀ ਜੀ ਨਾਲ ਹੋਏ ਵਿਆਹ ਦਾ ਹਵਾਲਾ ਦਿੰਦਿਆਂ ਪਹਿਲਾਂ ਹੀ ਬਟਾਲੇ ਨੂੰ ਜ਼ਿਲ੍ਹੇ ਦਾ ਦਰਜਾ ਦੇਣ ਦੀ ਮੰਗ ਕੀਤੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਤ੍ਰਿਪਤ ਬਾਜਵਾ ਅਤੇ ਸੁਖਜਿੰਦਰ ਰੰਧਾਵਾ ਨੇ ਸਾਂਝਾ ਪੱਤਰ ਲਿਖਣ ਤੋਂ ਪਹਿਲਾਂ ਉਨ੍ਹਾਂ ਨਾਲ ਇਸ ਮੁੱਦੇ ਨੂੰ ਵਿਚਾਰਨਾ ਮੁਨਾਸਬ ਨਹੀਂ ਸਮਝਿਆ।
ਉਨ੍ਹਾਂ ਕਿਹਾ, “ਜੇਕਰ ਉਹ ਮੇਰੇ ਕੋਲ ਆਏ ਹੁੰਦੇ ਅਤੇ ਇਸ ਬਾਰੇ ਗੱਲ ਕੀਤੀ ਹੁੰਦੀ ਤਾਂ ਮੈਂ ਉਨ੍ਹਾਂ ਨੂੰ ਦੱਸ ਦੇਣਾ ਸੀ ਕਿ ਮੈਂ ਇਸ ਮਾਮਲੇ ਨੂੰ ਪਹਿਲਾਂ ਹੀ ਵਿਚਾਰ ਰਿਹਾ ਹਾਂ ਅਤੇ ਇਸ ਸਬੰਧ ਵਿਚ ਉਨ੍ਹਾਂ ਨਾਲ ਸਲਾਹ-ਮਸ਼ਵਰਾ ਵੀ ਕਰ ਲੈਂਦਾ।” ਉਨ੍ਹਾਂ ਕਿਹਾ ਕਿ ਉਹ ਫੈਸਲਾ ਲੈਣ ਤੋਂ ਪਹਿਲਾਂ ਵੱਖ-ਵੱਖ ਭਾਈਵਾਲਾਂ ਨਾਲ ਇਸ ਮੁੱਦੇ ’ਤੇ ਚਰਚਾ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 79 ਪਿੰਡਾਂ ਤੇ 24 ਕਸਬਿਆਂ ’ਚ 103 ਥਾਵਾਂ ਦੀ ਸ਼ਨਾਖ਼ਤ ਕੀਤੀ ਸੀ, ਜਿਨ੍ਹਾਂ ਨੂੰ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਹੈ। ਇਨ੍ਹਾਂ ਲਈ ਫ਼ੰਡ ਅਲਾਟ ਕੀਤੇ ਗਏ ਸਨ ਅਤੇ ਇਨ੍ਹਾਂ ਸਭਨਾਂ ਥਾਵਾਂ ਨੂੰ ਨਿਵੇਕਲੇ ਢੰਗ ਨਾਲ ਵਿਕਸਤ ਕਰਨ ਨੂੰ ਯਕੀਨੀ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ।