ਹਰਜੀਤ ਸਿੰਘ ਪਰਮਾਰ
ਬਟਾਲਾ, 4 ਜੁਲਾਈ
ਥਾਣਾ ਘੁਮਾਣ ਦੇ ਪਿੰਡ ਬੱਲੜਵਾਲ ਵਿੱਚ ਨਿੱਜੀ ਰੰਜਿਸ਼ ਕਾਰਨ ਇੱਕ ਧਿਰ ਨੇ ਦੂਜੀ ਧਿਰ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ, ਜਦ ਕਿ 2 ਹੋਰ ਜ਼ਖ਼ਮੀ ਹੋਏ ਗਏ। ਘਟਨਾ ਅੱਜ ਸਵੇਰੇ ਤੜਕੇ ਕਰੀਬ ਸਾਢੇ ਪੰਜ ਵਜੇ ਦੀ ਹੈ। ਹਮਲਾਵਰ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਸ੍ਰੀ ਹਰਗੋਬਿੰਦਪੁਰ ਭਾਰੀ ਪੁਲੀਸ ਫੋਰਸ ਸਣੇ ਮੌਕੇ ‘ਤੇ ਪਹੁੰਚੇ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜਿਆ। ਮਰਨ ਵਾਲਿਆਂ ਦੀ ਪਛਾਣ 70 ਸਾਲਾ ਮੰਗਲ ਸਿੰਘ ਪੁੱਤਰ ਉਜਾਗਰ ਸਿੰਘ, 40 ਸਾਲ ਦੇ ਸੁਖਵਿੰਦਰ ਸਿੰਘ ਪੁੱਤਰ ਮੰਗਲ ਸਿੰਘ, 35 ਸਾਲਾ ਜਸਬੀਰ ਸਿੰਘ ਪੁੱਤਰ ਮੰਗਲ ਸਿੰਘ ਤੇ 21 ਸਾਲ ਬੱਬਨਦੀ ਸਿੰਘ ਪੁੱਤਰ ਜਸਬੀਰ ਸਿੰਘ ਵਜੋਂ ਹੋਈ ਹੈ। ਜ਼ਖਮੀਆਂ ਵਿੱਚ ਜਰਮਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਤੇ ਜਸ਼ਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਸ਼ਾਮਲ ਹਨ।