Batala Grenade Attack: ਪੁਲੀਸ ਚੌਕੀ ’ਤੇ ਗ੍ਰੇਨੇਡ ਹਮਲੇ ’ਚ ਦੋ ਨਾਬਾਲਗ ਗ੍ਰਿਫਤਾਰ
ਤੀਸਰੇ ਦੀ ਭਾਲ ਜਾਰੀ: ਡੀ ਆਈ ਜੀ ਬਾਰਡਰ ਰੇਂਜ
Batala Grenade Attack: ਪੁਲੀਸ ਜ਼ਿਲ੍ਹਾ ਬਟਾਲਾ ਦੀ ਚੌਕੀ ਅਰਬਨ ਅਸਟੇਟ ’ਤੇ ਸ਼ਨਿਚਰਵਾਰ ਰਾਤ ਹੋਏ ਗ੍ਰੇਨੇਡ ਹਮਲੇ ਮਾਮਲੇ ’ਚ ਪੁਲੀਸ ਨੇ ਦੋ ਨਾਬਾਲਗ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲੈਣ ਦਾ ਦਾਅਵਾ ਕੀਤਾ ਹੈ ਜਦਕਿ ਵਾਰਦਾਤ `ਚ ਸ਼ਾਮਲ ਤੀਸਰੇ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।
ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਅੱਜ ਬਟਾਲਾ ਵਿਖੇ ਦੱਸਿਆ ਕਿ ਸ਼ਨਿਚਰਵਾਰ ਦੀ ਰਾਤ ਨੂੰ ਅਰਬਨ ਅਸਟੇਟ ਪੁਲੀਸ ਚੌਕੀ ’ਤੇ ਗ੍ਰੇਨੇਡ ਸੁੱਟਿਆ ਗਿਆ ਸੀ। ਘਟਨਾ ਤੋਂ ਤੁਰੰਤ ਬਾਅਦ ਪੁਲੀਸ ਨੇ ਵੱਖ-ਵੱਖ ਟੀਮਾਂ ਬਣਾ ਕੇ ਜਾਂਚ ਸ਼ੁਰੂ ਕੀਤੀ ਗਈ ਜਿਸ ਦੌਰਾਨ ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਬਟਾਲਾ ਪੁਲੀਸ ਨੂੰ ਮਹੱਤਵਪੂਰਨ ਸੁਰਾਗ ਮਿਲੇ, ਜਿਨ੍ਹਾਂ ਦੇ ਆਧਾਰ ’ਤੇ ਦੋ ਨਾਬਾਲਗ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲੀਸ ਮੁਤਾਬਕ ਦੋਵੇਂ ਮੁਲਜ਼ਮ ਬਟਾਲਾ ਪੁਲੀਸ ਜ਼ਿਲ੍ਹੇ ਦੇ ਹੀ ਰਹਿਣ ਵਾਲੇ ਹਨ। ਡੀਆਈਜੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਉਕਤ ਮੁਲਜ਼ਮਾਂ ਨੇ ਕਿਸੇ ਦੇ ਕਹਿਣ ’ਤੇ ਹੀ ਥੋੜ੍ਹੀ ਰਕਮ ਦੇ ਲਾਲਚ ਵਿੱਚ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਵਾਰਦਾਤ ਵਿੱਚ ਸ਼ਾਮਿਲ ਇੱਕ ਹੋਰ ਮੁਲਜ਼ਮ ਦੀ ਪਛਾਣ ਵੀ ਕਰ ਲਈ ਗਈ ਹੈ ਅਤੇ ਉਸ ਨੂੰ ਕਾਬੂ ਕਰਨ ਲਈ ਪੁਲੀਸ ਦੀਆਂ ਟੀਮਾਂ ਲਗਾਤਾਰ ਕਾਰਵਾਈ ਕਰ ਰਹੀਆਂ ਹਨ।
ਡੀਆਈਜੀ ਗਿੱਲ ਨੇ ਕਿਹਾ ਕਿ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਚੱਲ ਰਹੀ ਹੈ ਤਾਂ ਜੋ ਇਸ ਸਾਜਿਸ਼ ਨਾਲ ਜੁੜੇ ਸਾਰੇ ਲੋਕਾਂ ਤੱਕ ਪਹੁੰਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਕਿਸੇ ਅੱਤਵਾਦੀ ਸੰਗਠਨ ਦੀ ਸਿੱਧੀ ਸ਼ਮੂਲੀਅਤ ਦੇ ਸੰਕੇਤ ਨਹੀਂ ਮਿਲੇ ਹਨ। ਹਾਲਾਂਕਿ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵੱਲੋਂ ਜ਼ਿੰਮੇਵਾਰੀ ਲੈਣ ਵਾਲੀਆਂ ਪੋਸਟਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਇੱਕ ਅਗਸਤ ਦੀ ਰਾਤ ਨੂੰ ਵਾਪਰੀ ਇਸ ਘਟਨਾ ਬਾਰੇ ਬਟਾਲਾ ਪੁਲੀਸ ਦਾ ਕੋਈ ਵੀ ਅਧਿਕਾਰੀ ਆਪਣੀ ਮੂੰਹ ਖੋਲ੍ਹਣ ਨੂੰ ਤਿਆਰ ਨਹੀਂ ਸੀ ਅਤੇ ਗ੍ਰਨੇਡ ਹਮਲੇ ਤੋਂ ਬਾਅਦ ਰਾਤੋ ਰਾਤ ਪੁਲੀਸ ਵੱਲੋਂ ਸਬੂਤ ਮਿਟਾ ਕੇ ਚੌਂਕੀ ਦੀ ਨੁਕਸਾਨੀ ਗਈ ਕੰਧ ਦੀ ਮੁਰੰਮਤ ਕਰਵਾ ਕੇ ਰੰਗ ਵੀ ਕਰ ਦਿੱਤਾ ਗਿਆ ਸੀ। ਫਿਲਹਾਲ ਜਾਂਚ ਜਾਰੀ ਹੈ ਅਤੇ ਤਕਨੀਕੀ ਸਬੂਤਾਂ ਦੇ ਆਧਾਰ ’ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

