ਸ਼ਗਨ ਕਟਾਰੀਆ
ਬਠਿੰਡਾ, 24 ਜੂਨ
ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਦੇ ਮੁੱਦੇ ’ਤੇ ਅੱਜ ਆਮ ਆਦਮੀ ਪਾਰਟੀ (ਆਪ) ਪੁਲੀਸ ਦੀਆਂ ਸਖ਼ਤ ਰੋਕਾਂ ਕਾਰਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਦਫ਼ਤਰ ਘੇਰਨ ਵਿੱਚ ਅਸਫ਼ਲ ਰਹੀ। ਬੈਰੀਕੇਡ ਲਾ ਕੇ ਰੋਕੇ ਗਏ ਦਫ਼ਤਰ ਨੂੰ ਜਾਂਦੇ ਰਸਤੇ ’ਤੇ ਮਾਰਚ ਕਰਨ ਜਾ ਰਹੇ ਆਗੂਆਂ ਦੀ ਪੁਲੀਸ ਨਾਲ ਝੜਪ ਵੀ ਹੋਈ। ਇਥੇ ਪਹੁੰਚੇ ਐੱਸਡੀਐੱਮ ਨੇ ਆਗੂਆਂ ਕੋਲੋਂ ਮੰਗ-ਪੱਤਰ ਵੀ ਲਿਆ। ਉਂਜ ਗੋਲ ਡਿੱਗੀ ਨੇੜੇ ਪੰਡਾਲ ਦੇ ਮੰਚ ਤੋਂ ਹੋਈਆਂ ਤਕਰੀਰਾਂ ਦੀਆਂ ਤਿੱਖੀਆਂ ਸੁਰਾਂ ਦੇ ਨਿਸ਼ਾਨੇ ’ਤੇ ਕਾਂਗਰਸੀ, ਅਕਾਲੀ ਅਤੇ ਭਾਜਪਾਈ ਰਹੇ।
ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਤੇ ਰੁਪਿੰਦਰ ਕੌਰ ਰੂਬੀ, ਵਿਧਾਇਕ ਪ੍ਰਿੰ. ਬੁੱਧ ਰਾਮ, ਮਨਜੀਤ ਸਿੰਘ ਬਿਲਾਸਪੁਰ ਤੇ ਮੀਤ ਹੇਅਰ ਤੇ ਜ਼ਿਲ੍ਹਾ ਪ੍ਰਧਾਨ ਨਵਦੀਪ ਜੀਦਾ ਆਦਿ ਨੇ ਆਖਿਆ ਕਿ ਬਠਿੰਡਾ ਥਰਮਲ ਨੂੰ ਬੰਦ ਕਰਨ ਦੀ ਤਜਵੀਜ਼ ਅਕਾਲੀ-ਭਾਜਪਾ ਹਕੂਮਤ ਨੇ ਉਦੋਂ ਹੀ ਤਿਆਰ ਕਰ ਲਈ ਸੀ, ਜਦੋਂ ਉਸ ਨੇ ਪ੍ਰਾਈਵੇਟ ਥਰਮਲ ਕੰਪਨੀਆਂ ਅਤੇ ਭੂ-ਮਾਫ਼ੀਆ ਨਾਲ ‘ਸਾਂਝ’ ਪਾ ਕੇ ਨਿੱਜੀ ਥਰਮਲਾਂ ਦੀ ਉਸਾਰੀ ਦੇ ਫੈਸਲੇ ਕੀਤੇ ਸਨ। ਬੁਲਾਰਿਆਂ ਆਖਿਆ ਕਿ ਬਾਦਲ ਸਰਕਾਰ ਨੇ ਬਠਿੰਡੇ ਦੀ ਜੇਲ੍ਹ ਤੇ ਹਸਪਤਾਲ ਵਾਲੀ ਜਗ੍ਹਾ ਵੇਚੀ ਸੀ, ਹੁਣ ਕੈਪਟਨ ਸਰਕਾਰ ਨੇ ਥਰਮਲ ਦੀ ਜਗ੍ਹਾ ਵੇਚਣ ਲਈ ਹਰੀ ਝੰਡੀ ਦਿੱਤੀ ਹੈ।
ਉਨ੍ਹਾਂ ਆਖਿਆ ਕਿ ਥਰਮਲ ਚਾਲੂ ਰੱਖਣ ਦੇ ਵਾਅਦੇ ਨਾਲ ਬਠਿੰਡਾ ਤੋਂ ਜਿੱਤ ਕੇ ਵਿੱਤ ਮੰਤਰੀ ਬਣੇ ਮਨਪ੍ਰੀਤ ਸਿੰਘ ਬਾਦਲ ਹੁਣ ਸ਼ਹਿਰ ਦੀ ਵਿਰਾਸਤ ਨੂੰ ਖ਼ਤਮ ਕਰਨ ਦੇ ਕਸੂਰਵਾਰ ਬਣਨਗੇ। ਉਨ੍ਹਾਂ ਕਿਹਾ ਕਿ ਥਰਮਲ ਨਾਲ ਹਜ਼ਾਰਾਂ ਲੋਕਾਂ ਦਾ ਰੁਜ਼ਗਾਰ ਅਤੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਦੋਸ਼ ਲਾਏ ਕਿ ਤਰ੍ਹਾਂ-ਤਰ੍ਹਾਂ ਦਾ ਮਾਫ਼ੀਆ ਜੋ ਅਕਾਲੀ-ਭਾਜਪਾ ਸਰਕਾਰ ਸਮੇਂ ਸਰਗਰਮ ਸੀ, ਉਸ ਦੀ ਪੁਸ਼ਤਪਨਾਹੀ ਮੌਜੂਦਾ ਸਰਕਾਰ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਨਵੀਂਨੀਕਰਨ ਦੇ ਨਾਂ ’ਤੇ ਚੰਦ ਸਾਲ ਪਹਿਲਾਂ ਕਰੋੜਾਂ ਰੁਪਏ ਖ਼ਰਚ ਕੇ 25 ਸਾਲ ਥਰਮਲ ਦੀ ਉਮਰ ਵਧਣ ਦਾ ਜੋ ਪ੍ਰਚਾਰ ਕੀਤਾ ਗਿਆ, ਦਰਅਸਲ ਉਹ ‘ਦਲਾਲੀ’ ਖਾਣ ਦਾ ਬਹਾਨਾ ਸੀ। ਆਗੂਆਂ ਨੇ 1969 ’ਚ ਥਰਮਲ ਲਈ ਜ਼ਮੀਨ ਦੇਣ ਵਾਲੇ ਕਿਸਾਨਾਂ ਅਤੇ ਬਿਜਲੀ ਕਾਮਿਆਂ ਨੂੰ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਮਘਾਉਣ ਦਾ ਸੱਦਾ ਦਿੱਤਾ। ਆਗੂਆਂ ਨੇ ਕਿਹਾ ਕਿ ਆਗਾਮੀ ਚੋਣਾਂ ’ਚ ਪੰਜਾਬ ਅੰਦਰ ‘ਆਪ’ ਦੀ ਸਰਕਾਰ ਬਣਨ ’ਤੇ ਅਜਿਹੇ ਸਾਰੇ ਮਾਮਲਿਆਂ ਦੀ ਜਾਂਚ ਲਈ ਸਪੈਸ਼ਲ ਜੁਡੀਸ਼ਲ ਜਾਂਚ ਕਮਿਸ਼ਨ ਦਾ ਗਠਨ ਕਰ ਕੇ, ਕਸੂਰਵਾਰਾਂ ਨੂੰ ਕਾਨੂੰਨੀ ਕਟਹਿਰੇ ’ਚ ਖੜ੍ਹਾ ਕੀਤਾ ਜਾਵੇਗਾ।
ਗੁਰੂ ਨਾਨਕ ਦੇਵ ਥਰਮਲ ਪਲਾਂਟ ਨਹੀਂ ਤੋੜਨ ਦੇਵਾਂਗੇ: ਮਲੂਕਾ
ਬਠਿੰਡਾ (ਮਨੋਜ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਤੋੜ ਕੇ ਉਸਦੀ ਜਗ੍ਹਾ ਪੁੱਡਾ ਰਾਹੀਂ ਨਿਲਾਮ ਕੀਤੇ ਜਾਣ ਸਬੰਧੀ ਫ਼ੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੀ ਲੀਡਰਸ਼ਿਪ, ਜਿਸ ਵਿੱਚ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਸਿੰਕਦਰ ਸਿੰਘ ਮਲੂਕਾ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਨਕਈ ਆਦਿ ਸ਼ਾਮਲ ਸਨ, ਨੇ ਮੰਗਲਵਾਰ ਨੂੰ ਬਠਿੰਡਾ ਦੇ ਥਰਮਲ ਥਾਣੇ ਦੀ ਪੁਲੀਸ ਵੱਲੋਂ ਖਜ਼ਾਨਾ ਮੰਤਰੀ ਦੇ ਇਸ਼ਾਰੇ ’ਤੇ ਲੱਗਪਗ 31 ਅਕਾਲੀ ਆਗੂਆਂ ਤੇ ਦਿੱਤੇ ਪਰਚੇ ਦੀ ਨਿਖੇਧੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਪਰਚਾ ਰੱਦ ਕਰਨ ਦੀ ਮੰਗ ਕੀਤੀ। ਸ੍ਰੀ ਮਲੂਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਚੋਣ ਮੈਨੀਫੈਸਟੋ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਥਰਮਲ ਪਲਾਂਟ ਨੂੰ ਚਾਲੂ ਰੱਖਣ ਦੇ ਵਾਅਦੇ ਤੋਂ ਮੁੱਕਰ ਰਹੇ ਹਨ। ਜਦੋਂ ਬਠਿੰਡਾ ਸ਼ਹਿਰ ਦੇ ਅਕਾਲੀ ਆਗੂਆਂ ਵੱਲੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਉਨ੍ਹਾਂ ਨੂੰ ਵਾਅਦਾ ਯਾਦ ਕਰਵਾਇਆ ਤਾਂ ਉਨ੍ਹਾਂ ’ਤੇ ਕੇਸ ਦਰਜ ਕਰਵਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਰਚਿਆਂ ਦਾ ਕੋਈ ਡਰ ਨਹੀਂ ਪਰ ਪਾਰਟੀ ਥਰਮਲ ਪਲਾਂਟ ਨਹੀਂ ਟੁੱਟਣ ਦੇਵੇਗੀ।
ਬਿਜਲੀ ਕਾਮਿਆਂ ਵੱਲੋਂ ਅਰਥੀ ਫੂਕ ਮੁਜ਼ਾਹਰੇ
ਪਟਿਆਲਾ (ਰਵੇਲ ਸਿੰਘ ਭਿੰਡਰ): ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੱਖ ਜਥੇਬੰਦੀਆਂ ਐਂਪਲਾਈਜ਼ ਫੈਡਰੇਸ਼ਨ ਏਟਕ, ਐਂਪਲਾਈਜ਼ ਫੈਡਰੇਸ਼ਨ ਚਾਹਲ, ਆਈਟੀਆਈ ਐਸੋਸੀਏਟ ਤੇ ਐਂਪਲਾਈਜ਼ ਫੈਡਰੇਸ਼ਨ ਪਾਵਰਕੌਮ ਤੇ ਟਰਾਂਸਕੋ ਦੇ ਸਾਂਝੇ ਸੱਦੇ ’ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵੱਲੋ ਬਠਿਡਾ ਥਰਮਲ ਨੂੰ ਕੌਡੀਆਂ ਦੇ ਭਾਅ ਵੇਚਣ, ਬਿਜਲੀ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ, ਤੇਲ ਕੀਮਤਾਂ ਵਿੱਚ ਵਾਧਾ ਅਤੇ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਬਿਜਲੀ ਨਿਗਮ ਦੀਆਂ ਸਾਰੀਆਂ ਸਬ ਡਿਵੀਜ਼ਨਾਂ/ਡਿਵੀਜ਼ਨਾਂ ’ਤੇ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਇਹ ਮੁਜ਼ਾਹਰੇ ਭਲਕੇ 25 ਜੂਨ ਵੀ ਜਾਰੀ ਰਹਿਣਗੇ ਅਤੇ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ। ਮੁਲਾਜ਼ਮਾਂ ਨੇ ਕੇਂਦਰੀ ਬਿਜਲੀ ਸੋਧ ਬਿੱਲ ਦਾ ਵਿਰੋਧ ਕਰਨ ਦਾ ਵੀ ਫ਼ੈਸਲਾ ਕੀਤਾ ਹੈ।