ਜਿਉਂਦ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਉੱਤੇ ਹੋਏ ਪੁਲੀਸ ਜਬਰ ਦੇ ਵਿਰੋਧ ਵਿੱਚ 6 ਮਾਰਚ ਨੂੰ ਬਠਿੰਡਾ ਵਿੱਚ ਹੋਣ ਵਾਲੇ ਵੱਡੇ ਮੁਜ਼ਾਹਰੇ ਲਈ ਲਾਮਬੰਦੀ ਮੁਹਿੰਮ ਪੰਜਾਬ ਭਰ ਵਿੱਚ ਸਿਖਰ ’ਤੇ ਪਹੁੰਚ ਗਈ ਹੈ। ਇਸ ਦੇ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਨਤਕ ਮੀਟਿੰਗਾਂ ਅਤੇ ਮਾਰਚ ਕਰਕੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਬਠਿੰਡਾ ਪੁੱਜਣ ਦਾ ਸੱਦਾ ਦਿੱਤਾ ਗਿਆ।
ਜਥੇਬੰਦਕ ਆਗੂਆਂ ਨੇ ਪੰਜਾਬ ਸਰਕਾਰ ਅਤੇ ਬਠਿੰਡਾ ਪ੍ਰਸ਼ਾਸਨ ਵੱਲੋਂ ਟਕਰਾਅ ਦਾ ਰਸਤਾ ਛੱਡ ਕੇ ਮੁਜ਼ਾਹਰੇ ਦਾ ਹੱਕ ਮੰਨਣ ਨੂੰ ਲੋਕ ਤਾਕਤ ਦੀ ਮੁੱਢਲੀ ਜਿੱਤ ਕਰਾਰ ਦਿੱਤਾ ਹੈ। ਇਸ ਤਹਿਤ ਲੰਬੀ ਹਲਕੇ ਦੇ ਪਿੰਡ ਕਿੱਲਿਆਂਵਾਲੀ, ਕੱਖਾਂਵਾਲੀ ਅਤੇ ਮਹਿਣਾ ਸਮੇਤ ਕਈ ਪਿੰਡਾਂ ਵਿੱਚ ਖੇਤ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਜਨਤਕ ਮੀਟਿੰਗਾਂ ਅਤੇ ਮਾਰਚ ਕੀਤੇ ਗਏ।
ਇਨ੍ਹਾਂ ਇਕੱਠਾਂ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘੇਵਾਲਾ, ਖੇਤ ਮਜ਼ਦੂਰ ਆਗੂ ਕਾਲਾ ਸਿੰਘ ਖੂਨਣ ਖੁਰਦ, ਰਾਮਪਾਲ ਗੱਗੜ, ਕਿਸਾਨ ਆਗੂ ਹਰਪਾਲ ਸਿੰਘ ਕਿੱਲਿਆਂਵਾਲੀ ਅਤੇ ਨਿਸ਼ਾਨ ਸਿੰਘ ਕੱਖਾਂਵਾਲੀ ਨੇ ਸੰਬੋਧਨ ਕੀਤਾ।
ਆਗੂਆਂ ਨੇ ਕਿਹਾ ਕਿ 18 ਫਰਵਰੀ ਨੂੰ ਪਿੰਡ ਜਿਉਂਦ ਵਿੱਚ ਇਕੱਠੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਉੱਤੇ ਬਠਿੰਡਾ ਦੀ ਐਸਐਸਪੀ ਜੋਤੀ ਯਾਦਵ ਦੇ ਹੁਕਮਾਂ ’ਤੇ ਪੁਲੀਸ ਵੱਲੋਂ ਅੰਨ੍ਹਾ ਤਸ਼ੱਦਦ ਕੀਤਾ ਗਿਆ ਸੀ, ਜਿਸ ਰਾਹੀਂ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਜਥੇਬੰਦ ਕਿਸਾਨ-ਮਜ਼ਦੂਰ ਤਾਕਤ ਨੇ ਇਸ ਭਰਮ ਨੂੰ ਤੋੜ ਦਿੱਤਾ ਹੈ ਅਤੇ 6 ਮਾਰਚ ਦਾ ਬਠਿੰਡਾ ਮੁਜ਼ਾਹਰਾ ਇਸ ਜਬਰ ਦੇ ਖ਼ਿਲਾਫ਼ ਲੋਕਾਂ ਦੀ ਇਕਜੁੱਟ ਆਵਾਜ਼ ਬਣੇਗਾ।
ਬਠਿੰਡਾ ਮੁਜ਼ਾਹਰੇ ਦੀਆਂ ਮੁੱਖ ਮੰਗਾਂ ਬਾਰੇ ਦੱਸਦਿਆਂ ਆਗੂਆਂ ਨੇ ਕਿਹਾ ਕਿ ਜਿਉਂਦ ਜਬਰ ਮਾਮਲੇ ਵਿੱਚ ਐਸਐਸਪੀ ਜੋਤੀ ਯਾਦਵ ਸਮੇਤ ਸਾਰੇ ਦੋਸ਼ੀਆਂ ਖ਼ਿਲਾਫ਼ ਤੁਰੰਤ ਮੁਕੱਦਮਾ ਦਰਜ ਕੀਤਾ ਜਾਵੇ। ਇਸ ਅਣਮਨੁੱਖੀ ਘਟਨਾ ਲਈ ਪੰਜਾਬ ਸਰਕਾਰ ਵੱਲੋਂ ਜਨਤਕ ਤੌਰ ’ਤੇ ਮੁਆਫੀ ਮੰਗੀ ਜਾਵੇ ਅਤੇ ਸੰਘਰਸ਼ ਦੇ ਜਮਹੂਰੀ ਹੱਕਾਂ ਉੱਤੇ ਲਗਾਈਆਂ ਪਾਬੰਦੀਆਂ ਤੁਰੰਤ ਹਟਾਈਆਂ ਜਾਣ।
ਇਸ ਤੋਂ ਇਲਾਵਾ ਪੁਲੀਸ ਵੱਲੋਂ ਜ਼ਖ਼ਮੀ ਕੀਤੇ ਗਏ ਲੋਕਾਂ ਦੇ ਇਲਾਜ ਦਾ ਪੂਰਾ ਖਰਚਾ ਸਰਕਾਰ ਵੱਲੋਂ ਭਰਿਆ ਜਾਵੇ ਅਤੇ ਪੀੜਤਾਂ ਨੂੰ ਮਾਨਸਿਕ, ਪਰਿਵਾਰਕ ਤੇ ਸਰੀਰਕ ਨੁਕਸਾਨ ਦੀ ਭਰਪਾਈ ਵਜੋਂ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਦੇ ਨਾਲ ਹੀ ਪੰਜਾਬ ਭਰ ਵਿੱਚ ਵੱਖ-ਵੱਖ ਅੰਦੋਲਨਾਂ ਦੌਰਾਨ ਸੰਘਰਸ਼ਸ਼ੀਲ ਲੋਕਾਂ ਉੱਤੇ ਦਰਜ ਕੀਤੇ ਗਏ ਸਾਰੇ ਮੁਕੱਦਮੇ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਐਲਾਨ ਕੀਤਾ ਕਿ ਲੰਬੀ ਹਲਕੇ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ 6 ਮਾਰਚ ਨੂੰ ਬਠਿੰਡਾ ਵਿੱਚ ਹੋਣ ਵਾਲੇ ਇਸ ਮੁਜ਼ਾਹਰੇ ਵਿੱਚ ਸ਼ਮੂਲੀਅਤ ਕਰਨਗੇ।

