ਸਾਰਾਗੜ੍ਹੀ ਦੀ ਜੰਗ ਬਹਾਦਰੀ ਤੇ ਵਫ਼ਾਦਾਰੀ ਦੀ ਮਿਸਾਲ: ਖੁੱਡੀਆਂ
ਕੈਬਨਿਟ ਮੰਤਰੀ ਨੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਬਲੀਦਾਨ ਦੀ ਅਜਿਹੀ ਲਾਮਿਸਾਲ ਕਹਾਣੀ ਹੈ ਜਿਸ ਦੀ ਮਿਸਾਲ ਪੂਰੀ ਦੁਨੀਆਂ ਵਿਚ ਕਿਤੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ 12 ਸਤੰਬਰ 1897 ਨੂੰ ਸਾਰਾਗੜ੍ਹੀ ਕਿਲ੍ਹੇ ਦੀ ਰੱਖਿਆ ਕਰਦਿਆਂ ਸਿੱਖ ਰੈਜੀਮੈਂਟ ਦੇ 21 ਬਹਾਦਰ ਸੂਰਬੀਰ ਸੈਨਿਕਾਂ ਨੇ 10 ਹਜ਼ਾਰ ਅਫ਼ਗਾਨਾਂ ਦਾ ਪੂਰੀ ਸੂਰਬੀਰਤਾ ਨਾਲ ਮੁਕਾਬਲਾ ਕਰਦਿਆਂ ਸ਼ਹੀਦੀ ਜਾਮ ਪੀਤਾ ਅਤੇ ਇਤਿਹਾਸ ’ਚ ਬਹਾਦਰੀ, ਅਣਖ ਅਤੇ ਸ਼ਹਾਦਤ ਦਾ ਨਵੇਂ ਅਧਿਆਏ ਲਿਖਿਆ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾਸਰੋਤ ਰਹੇਗੀ।
ਉਨ੍ਹਾਂ ਇਹ ਪ੍ਰਗਟਾਵਾ ਸਾਰਾਗੜ੍ਹੀ ਦਿਵਸ ਮੌਕੇ ਗੁਰਦੁਆਰਾ ਸਾਰਾਗੜ੍ਹੀ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਕੀਤਾ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਦਹੀਆ, ਵਿਧਾਇਕ ਫੌਜਾ ਸਿੰਘ ਸਰਾਰੀ, ਵਿਧਾਇਕ ਨਰੇਸ਼ ਕਟਾਰੀਆ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।
ਅੱਜ ਇੱਥੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ’ਚ ਅਖੰਡ ਪਾਠ ਦੇ ਭੋਗ ਮਗਰੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਆਏ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਖਾਸ ਕਰ ਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਮਾਣਮੱਤੇ, ਇਤਿਹਾਸਕ ਤੇ ਗੌਰਵਮਈ ਵਿਰਸੇ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਵਿੱਚ ਅਜਿਹੀ ਬਹਾਦਰੀ ਤੇ ਸੂਰਬੀਰਤਾ ਦੀ ਮਿਸਾਲ ਕਿਤੇ ਵੀ ਨਹੀਂ ਮਿਲਦੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਇਨ੍ਹਾਂ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਫ਼ਿਰੋਜ਼ਪੁਰ ਵਿੱਚ ਵਿਸ਼ਵ ਦੀ ਪਹਿਲੀ ਜੰਗੀ ਯਾਦਗਾਰ, ਸਾਰਾਗੜ੍ਹੀ ਜੰਗ ਦੀ ਯਾਦ ’ਚ ਬਣਾਈ ਗਈ ਹੈ ਕਿਉਂਕਿ ਇਸ ਜੰਗ ਵਿਚ ਸ਼ਹੀਦ ਹੋਣ ਵਾਲੇ ਸੈਨਿਕਾਂ ਵਿਚੋਂ ਜ਼ਿਆਦਾਤਰ ਫਿਰੋਜ਼ਪੁਰ ਨਾਲ ਸਬੰਧਤ ਸਨ।

