ਰਾਕੇਸ਼ ਸੈਣੀ
ਨੰਗਲ, 27 ਫਰਵਰੀ
ਵੱਖ-ਵੱਖ ਜਥੇਬੰਦੀਆਂ ਨੇ ਬੀਬੀਐੱਮਬੀ ਮਾਮਲੇ ਨੂੰ ਲੈ ਕੇ ਪੰਜਾਬ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਸੰਘਰਸ਼ ਦਾ ਹੋਕਾ ਦਿੱਤਾ ਹੈ। ਬਲਾਕ ਕਾਂਗਰਸ ਨੰਗਲ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਕਾਂਗਰਸ ਦੇ ਬੁਲਾਰੇ ਤੇ ਕੌਂਸਲਰ ਐਡਵੋਕੇਟ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਕੇਂਦਰ ਸਰਕਾਰ ਤੁਗਲਕੀ ਫਰਮਾਨ ਜਾਰੀ ਕਰ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵਿੱਚ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਦੀ ਸਾਜਿਸ਼ ਰਚ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਤਹਿਸ ਨਹਿਸ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਕਾਂਗਰਸ 28 ਫਰਵਰੀ ਨੂੰ ਚੀਫ਼ ਇੰਜਨੀਅਰ ਭਾਖੜਾ ਡੈਮ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰੇਗੀ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਕੇਸ਼ ਨਈਅਰ ਵੀ ਹਾਜ਼ਰ ਸਨ।
ਮੁਹਾਲੀ (ਪੱਤਰ ਪ੍ਰੇਰਕ): ਪੰਜਾਬੀ ਵਿਰਸਾ ਸੱਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੀ ਘੋਰ ਅਣਗਹਿਲੀ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਲਗਾਤਾਰ ਖੋਰਾ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੋਰਡ ਦੇ ਰੂਲਜ਼ 2022 ਮੁਤਾਬਕ ਪੰਜਾਬ ਦੀ ਹੱਕੀ ਨੁਮਾਇੰਦਗੀ ਖ਼ਤਮ ਕਰ ਦਿੱਤੀ ਗਈ ਹੈ। ਪਾਣੀਆਂ ਤੇ ਮੁਲਾਜ਼ਮਾਂ ਦੇ ਕੋਟੇ ਦੇ ਮਾਮਲੇ ਵਿੱਚ ਸੂਬੇ ਨੂੰ ਸਾਜ਼ਿਸ਼ ਤਹਿਤ ਹੱਕਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ, ਜਿਸ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਲੋੜ ਹੈ।
ਕਿਰਤੀ ਕਿਸਾਨ ਮੋਰਚੇ ਵੱਲੋਂ ਧਰਨਾ 4 ਨੂੰ
ਰੂਪਨਗਰ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਮੋਰਚਾ ਰੂਪਨਗਰ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕੀਤੇ ਜਾਣ ਵਿਰੁੱਧ ਅਤੇ ਬੀਬੀਐੱਮਬੀ ਭੰਗ ਕਰ ਕੇ ਭਾਖੜਾ ਡੈਮ ਪੰਜਾਬ ਹਵਾਲੇ ਕਰਨ ਦੀ ਮੰਗ ਨੂੰ ਲੈ ਕੇ 4 ਮਾਰਚ ਨੂੰ ਬੀ.ਬੀ.ਐਮ.ਬੀ. ਨੰਗਲ ਡੈਮ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਹੈ। ਅੱਜ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਜਥੇਬੰਦੀ ਵੱਲੋਂ ਕੀਤੀ ਗਈ ਮੀਟਿੰਗ ’ਚ ਕਿਰਤੀ ਕਿਸਾਨ ਮੋਰਚਾ ਰੂਪਨਗਰ ਦੇ ਪ੍ਰਧਾਨ ਵੀਰ ਸਿੰਘ ਬੜਵਾ ਨੇ ਭਰਾਤਰੀ ਕਿਸਾਨ ਜਥੇਬੰਦੀਆਂ ਤੇ ਹੋਰ ਹਮਖਿਆਲੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ 4 ਮਾਰਚ ਦੇ ਰੋਸ ਧਰਨੇ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇ।