ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਮਾਰਚ
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀ ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਬੀਬੀਐੱਮਬੀ ਅਤੇ ਹੋਰ ਕਿਸਾਨ ਮੁੱਦਿਆਂ ’ਤੇ ਚਰਚਾ ਕੀਤੀ ਗਈ ਹੈ। ਕਿਸਾਨ ਜਥੇਬੰਦੀ ਨੇ ਸੂਬੇ ਵਿੱਚ ਬਣਨ ਵਾਲੀ ‘ਆਪ’ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪਲੇਠੇ ਇਜਲਾਸ ਵਿੱਚ ਹੀ ਬੀਬੀਐੱਮਬੀ ਮਾਮਲੇ ਦਾ ਵਿਰੋਧ ਕਰਨ ਦਾ ਏਜੰਡਾ ਲਿਆਂਦਾ ਜਾਵੇ।
ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਨੂੰ ਮਨਫੀ ਕੀਤੇ ਜਾਣ ਦੇ ਫ਼ੈਸਲੇ ਦਾ ਸਖ਼ਤ ਨੋਟਿਸ ਲਿਆ ਗਿਆ ਹੈ। ਮੋਦੀ ਸਰਕਾਰ ਨੇ ਬੀਬੀਐੱਮਬੀ ਵਿੱਚੋਂ ਪੰਜਾਬ ਦਾ ਨੁਮਾਇੰਦਾ ਹਟਾ ਦਿੱਤਾ ਹੈ, ਜੋ ਕਿ ਪੰਜਾਬ ਦੇ ਪਾਣੀ ਅਤੇ ਬਿਜਲੀ ਉੱਤੇ ਕਬਜ਼ਾ ਕਰਨ ਦਾ ਯਤਨ ਹੈ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਬੀਬੀਐੱਮਬੀ ਮਾਮਲੇ ਵਿੱਚ ਵਿਰੋਧ ਦਾ ਏਜੰਡਾ ਬਣਾਵੇ। ਇਸ ਮਾਮਲੇ ਵਿੱਚ ਵਿਧਾਨ ਸਭਾ ਦਾ ਇਕ ਵਿਸ਼ੇਸ਼ ਸੈਸ਼ਨ ਸੱਦ ਕੇ ਇਸ ਫ਼ੈਸਲੇ ਨੂੰ ਰੱਦ ਕਰਨ ਵਾਲਾ ਇਕ ਮਤਾ ਲਿਆਂਦਾ ਜਾਵੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪਾਣੀਆਂ ਦਾ ਮਸਲਾ ਰਿਪੇਰੀਅਨ ਨਿਯਮਾਂ ਮੁਤਾਬਕ ਹੱਲ ਕੀਤਾ ਜਾਵੇ ਅਤੇ ਗੁਆਂਢੀ ਸੂਬਿਆਂ ਨੂੰ ਜਾ ਰਹੇ ਪਾਣੀ ਦੀ ਪੰਜਾਬ ਨੂੰ ਰਾਇਲਟੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਡੈਮ ਸੇਫਟੀ ਐਕਟ-2021 ਵੀ ਪੰਜਾਬ ਦੀ ਬਿਜਲੀ ਤੇ ਪਾਣੀ ’ਤੇ ਡਾਕਾ ਮਾਰਨ ਵਾਲਾ ਇਕ ਕਾਨੂੰਨ ਹੈ, ਇਸ ਨੂੰ ਵੀ ਰੱਦ ਕੀਤਾ ਜਾਵੇ। ਨਵਾਂ ਖੇਤੀ ਮਾਡਲ ਲਿਆ ਕੇ ਖੇਤੀ ਵਿਭਿੰਨਤਾ ਲਿਆਂਦੀ ਜਾਣੀ ਚਾਹੀਦੀ ਹੈ ਅਤੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਰਲਾ ਸਰਕਾਰ ਦੀ ਤਰਜ ’ਤੇ ਸਬਜ਼ੀਆਂ, ਫਲਾਂ, ਦਾਲਾਂ ਤੇ ਬਾਸਮਤੀ ਆਦਿ ਫਸਲਾਂ ਦੀ ਐੱਮਐੱਸਪੀ ਤੈਅ ਕਰਕੇ ਇਨ੍ਹਾਂ ਦੀ ਖ਼ਰੀਦ ਯਕੀਨੀ ਬਣਾਈ ਜਾਵੇ।
ਬਾਸਮਤੀ ਨਿਗਮ ਬਣਾ ਕੇ ਇਸ ਦਾ ਘੱਟੋ-ਘੱਟ ਸਮਰਥਨ ਮੁੱਲ ਪੰਜ ਹਜ਼ਾਰ ਰੁਪਏ ਤੈਅ ਕੀਤਾ ਜਾਵੇ। ਗੰਨੇ ਦਾ ਰੇਟ 360 ਰੁਪਏ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਬਕਾਏ ਦੀ ਤੁਰੰਤ ਅਦਾਇਗੀ ਕੀਤੀ ਜਾਵੇ। ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ। ਕਿਸਾਨ ਆਗੂਆਂ ਨੇ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਲਾਮਬੰਦ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ ਹੈ। ਮੀਟਿੰਗ ਵਿਚ ਜਨਰਲ ਸਕੱਤਰ ਸਤਬੀਰ ਸਿੰਘ ਸੁਲਤਾਨੀ, ਰਜਿੰਦਰ ਸਿੰਘ ਦੀਪਸਿੰਘ ਵਾਲਾ, ਹਰਮੇਸ਼ ਸਿੰਘ ਢੇਸੀ, ਸੰਤੋਖ ਸਿੰਘ ਸੰਧੂ, ਭੁਪਿੰਦਰ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਹਨੀ, ਭੁਪਿੰਦਰ ਸਿੰਘ ਵੜੈਚ, ਜਗਤਾਰ ਸਿੰਘ ਭਿੰਡਰ, ਤਰਲੋਚਨ ਸਿੰਘ, ਜਸਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।