ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 18 ਅਕਤੂਬਰ
ਇੱਥੋਂ ਦੀ ਅਦਾਲਤ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਆਤਮ ਨਗਰ ਤੋਂ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ਤੇ ਉਨ੍ਹਾਂ ਦੇ ਸਮਰਥਕਾਂ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਅੱਜ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਲੁਧਿਆਣਾ ਪੁਲੀਸ ਨੇ ਸਿਮਰਜੀਤ ਬੈਂਸ ਨੂੰ ਬਰਨਾਲਾ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਸੀ। ਲੋਕ ਇਨਸਾਫ਼ ਪਾਰਟੀ ਦੇ ਆਗੂ ਬੈਂਸ ਦੀ ਪੇਸ਼ੀ ਮੌਕੇ ਉਨ੍ਹਾਂ ਦੇ ਸਮਰਥਕ ਵੀ ਪੁੱਜੇ ਹੋਏ ਸਨ। ਪੁਲੀਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਬੈਂਸ ਸਮਰਥੱਕ ਸਵੇਰੇ 9 ਵਜੇ ਅਦਾਲਤੀ ਕੰਪਲੈਕਸ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ। ਦੁਪਹਿਰ ਬਾਅਦ ਸਿਮਰਜੀਤ ਬੈਂਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਸ਼ਾਮ ਚਾਰ ਵਜੇ ਉਨ੍ਹਾਂ ਨੂੰ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।