ਸੰਜੀਵ ਹਾਂਡਾ
ਫ਼ਿਰੋਜ਼ਪੁਰ, 4 ਜੂਨ
ਸਿੱਖ ਪੰਥ ਦੇ ਮਹਾਨ ਸ਼ਹੀਦਾਂ ਖ਼ਿਲਾਫ਼ ਅਪਸ਼ਬਦ ਬੋਲਣ ਵਾਲੇ ਅੰਮ੍ਰਿਤਧਾਰੀ ਸਿੱਖ ਹਰਦੀਪ ਸਿੰਘ ਨਮਾਣਾ ਨੂੰ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਭਜਾ-ਭਜਾ ਕੇ ਕੁੱਟਿਆ। ਇਸ ਦੀ ਵੀਡੀਓ ਅੱਜ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਹਰਦੀਪ ਸਿੰਘ ਸਰਕਾਰੀ ਮੁਲਾਜ਼ਮ ਅਤੇ ਗੁਰਦੁਆਰੇ ਦਾ ਗ੍ਰੰਥੀ ਹੈ। ਦੋਸ਼ ਹੈ ਕਿ ਉਸ ਨੇ ਸਿੱਖ ਪੰੰਥ ਦੇ ਮਹਾਨ ਸ਼ਹੀਦਾਂ ਭਾਈ ਮਨੀ ਸਿੰਘ, ਭਾਈ ਦਯਾ ਸਿੰਘ ਅਤੇ ਬਾਬਾ ਦੀਪ ਸਿੰਘ ਖ਼ਿਲਾਫ਼ ਸੋਸ਼ਲ ਮੀਡੀਆ ਰਾਹੀਂ ਗਲਤ ਟਿੱਪਣੀਆਂ ਕਰਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਬਾਰੇ ਜਦੋਂ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸਰਪ੍ਰਸਤ ਭਾਈ ਲਖਵੀਰ ਸਿੰਘ ਮਹਾਲਮ ਨੂੰ ਪਤਾ ਲੱਗਾ ਤਾਂ ਉਨ੍ਹਾਂ ਦੀ ਅਗਵਾਈ ਵਿਚ ਇੰਟਰਨੈਸ਼ਨ ਪੰਥਕ ਦਲ ਦੇ ਪੰਜਾਬ ਪ੍ਰਧਾਨ ਭਾਈ ਸਤਨਾਮ ਸਿੰਘ ਵੱਲੀਆਂ, ਜੰਗ ਸਿੰਘ ਲੁਧਿਆਣਾ, ਸੁਰਿੰਦਰ ਸਿੰਘ ਠੀਕਰੀਵਾਲ, ਗੁਰਨਾਮ ਸਿੰਘ ਮਹਾਲਮ, ਲਖਵਿੰਦਰ ਸਿੰਘ ਮੋਮੀ ਤੇ ਜੱਥਾ ਪੰਜ ਪਿਆਰੇ ਦੇ ਆਗੂ ਭਾਈ ਬਲਕਾਰ ਸਿੰਘ, ਹਰਦੀਪ ਸਿੰਘ ਦੇ ਘਰ ਪਹੁੰਚ ਗਏ। ਆਗੂਆਂ ਨੇ ਜਦੋਂ ਹਰਦੀਪ ਸਿੰਘ ਨੂੰ ਸਿੱਖ ਪੰਥ ਦੇ ਸ਼ਹੀਦਾਂ ਤੇ ਗਲਤ ਟਿੱਪਣੀ ਕਰਨ ਬਾਰੇ ਪੁੱਛਿਆ ਤਾਂ ਹਰਦੀਪ ਸਿੰਘ ਨੇ ਕਥਿਤ ਸ਼ਹੀਦਾਂ ਨੂੰ ਸਿੱਖ ਧਰਮ ਦੇ ਗੁਰੂਆਂ ਦੇ ਬਰਾਬਰ ਦਰਜਾ ਦੇਣ ਤੇ ਸਵਾਲ ਕਰਨੇ ਸ਼ੁਰੂ ਕਰ ਦਿੱਤੇ। ਇਸੇ ਗੱਲ ਤੋਂ ਮਾਹੌਲ ਵਿਗੜ ਗਿਆ ਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਉਸ ਨੂੰ ਫੜ ਕੇ ਥਾਣਾ ਸਦਰ ਵਿਚ ਲੈ ਆਏ। ਵੀਰਵਾਰ ਨੂੰ ਇਸ ਸਬੰਧੀ ਗੁਰਦੁਆਰਾ ਸਾਰਾਗੜ੍ਹੀ ਵਿਚ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ ਹੈ। ਸੰਪਰਕ ਕਰਨ ’ਤੇ ਭਾਈ ਲਖਵੀਰ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਦੇ ਪਰਿਵਾਰ ਦੇ ਮੈਂਬਰ ਮੁਆਫ਼ੀ ਮੰਗ ਕੇ ਖਹਿੜਾ ਛੁਡਾਉਣਾ ਚਾਹੁੰਦੇ ਹਨ। ਪਰਿਵਾਰ ਦਾ ਕਹਿਣਾ ਹੈ ਕਿ ਹਰਦੀਪ ਸਿੰਘ ਨੂੰ ਪਿਛਲੇ ਦਿਨੀਂ ਫ਼ਿਲਮਾਂ ਵਿਚ ਘਾਟਾ ਪੈਣ ਨਾਲ ਉਸ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ, ਜਿਸ ਕਰਕੇ ਉਸ ਨੂੰ ਮੁਆਫ਼ ਕਰ ਦੇਣਾ ਚਾਹੀਦਾ ਹੈ। ਭਾਈ ਲਖਵੀਰ ਸਿੰਘ ਨੇ ਕਿਹਾ ਕਿ ਜੇ ਜਥੇਬੰਦੀਆਂ ਦੇ ਸਾਰੇ ਆਗੂਆਂ ਦੀ ਸਹਿਮਤੀ ਬਣੀ ਤਾਂ ਹਰਦੀਪ ਸਿੰਘ ਨੂੰ ਮੁਆਫ਼ੀ ਦੇਣ ਤੇ ਵਿਚਾਰ ਕੀਤੀ ਜਾ ਸਕਦੀ ਹੈ ਨਹੀਂ ਤਾਂ ਉਸਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਅਗਲਾ ਕਦਮ ਚੁੱਕਿਆ ਜਾਵੇਗਾ।