ਜਸਵੰਤ ਜੱਸ
ਫਰੀਦਕੋਟ, 21 ਦਸੰਬਰ
ਕੋਟਕਪੂਰਾ ਅਤੇ ਬਹਬਿਲ ਗੋਲੀ ਕਾਂਡ ਦੀ ਪੜਤਾਲ ਕਰ ਰਹੇ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ੀਆ ਬਿਆਨ ਦੇ ਕੇ ਦੋਸ਼ ਲਾਇਆ ਹੈ ਕਿ ਕੋਟਕਪੂਰਾ ਦੇ ਤਤਕਾਲੀ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਵੱਲੋਂ ਉਨ੍ਹਾਂ ਨੂੰ ਜਾਂਚ ਤੋਂ ਪਾਸੇ ਕਰਨ ਲਈ ਦਾਇਰ ਕੀਤੀ ਗਈ ਪਟੀਸ਼ਨ ਨਿਰਆਧਾਰ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰਦੀਪ ਸਿੰਘ ਪੰਧੇਰ ਆਪਣੇ ਨਾਲ-ਨਾਲ ਇਨ੍ਹਾਂ ਕੇਸਾਂ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਬਾਰੇ ਫ਼ਿਕਰਮੰਦ ਹੈ ਅਤੇ ਮੌਜੂਦਾ ਪਟੀਸ਼ਨ ਇਨ੍ਹਾਂ ਉੱਚ ਪੁਲੀਸ ਅਧਿਕਾਰੀਆਂ ਨੂੰ ਬਚਾਉਣ ਲਈ ਪਾਈ ਗਈ ਹੈ। ਉਨ੍ਹਾਂ ਨੇ ਹਾਈ ਕੋਰਟ ਨੂੰ ਦਿੱਤੇ ਹਲਫੀਆ ਬਿਆਨ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਦੀ ਜਾਂਚ ਨਿਰਪੱਖ ਅਤੇ ਕਾਨੂੰਨ ਮੁਤਾਬਕ ਹੈ ਅਤੇ ਉਨ੍ਹਾਂ ਦੀ ਕਿਸੇ ਨਾਲ ਨਿੱਜੀ ਰੰਜਿਸ਼ ਨਹੀਂ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 18 ਦਸੰਬਰ ਨੂੰ ਆਈਜੀ ਕੁੰਵਰ ਵਿਜੈ ਪ੍ਰਤਾਪ ਨੂੰ ਆਦੇਸ਼ ਦਿੱਤੇ ਸਨ ਕਿ ਉਹ ਗੁਰਦੀਪ ਪੰਧੇਰ ਵੱਲੋਂ ਦਾਇਰ ਕੀਤੀ ਗਈ ਰਿੱਟ ਵਿੱਚ ਆਪਣਾ ਜਵਾਬ ਪੇਸ਼ ਕਰਨ। ਉੱਚ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 5 ਜਨਵਰੀ ਤਕ ਟਾਲ ਦਿੱਤੀ ਹੈ। ਥਾਣਾ ਸਿਟੀ ਕੋਟਕਪੂਰਾ ਦੇ ਤਤਕਾਲੀ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਨੇ ਹਾਈ ਕੋਰਟ ਵਿੱਚ ਲਿਖਤੀ ਦੋਸ਼ ਲਾਏ ਸਨ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਥਿਤ ਤੌਰ ’ਤੇ ਉਸ ਨਾਲ ਕੁੱਟਮਾਰ ਕੀਤੀ ਅਤੇ ਰੰਜਿਸ਼ ਤਹਿਤ ਉਸ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਹੈ।