ਜਸਵੰਤ ਜੱਸ
ਫ਼ਰੀਦਕੋਟ, 1 ਅਕਤੂਬਰ
ਬਹਬਿਲ ਗੋਲੀ ਕਾਂਡ ਵਿੱਚ ਮੁੱਖ ਮੁਲਜ਼ਮ ਤੋਂ ਵਾਅਦਾ ਮੁਆਫ਼ ਗਵਾਹ ਬਣੇ ਇੰਸਪੈਕਟਰ ਪ੍ਰਦੀਪ ਸਿੰਘ ਦਾ ਬਿਆਨ ਜਨਤਕ ਹੋਣ ਤੋਂ ਬਾਅਦ ਖੁਲਾਸਾ ਹੋਇਆ ਹੈ ਕਿ ਜਿਹੜਾ ਮਸਲਾ ਪੰਜਾਬ ਪੁਲੀਸ ਗੱਲਬਾਤ ਰਾਹੀਂ ਹੱਲ ਕਰ ਸਕਦੀ ਸੀ, ਉਸ ਲਈ ਪੁਲੀਸ ਨੇ ਬਿਨਾਂ ਕਾਰਨ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਦੋ ਬੇਕਸੂਰ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਦਰਜਨ ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ। ਇੰਸਪੈਕਟਰ ਪ੍ਰਦੀਪ ਸਿੰਘ ਘਟਨਾ ਵਾਲੇ ਦਿਨ ਬਹਬਿਲ ਕਲਾਂ ਧਰਨੇ ਵਿੱਚ ਮੌਜੂਦ ਸੀ ਅਤੇ ਉਸ ਸਮੇਂ ਉਹ ਮੋਗਾ ਦੇ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸਿੰਘ ਸ਼ਰਮਾ ਦੇ ਰੀਡਰ ਵਜੋਂ ਨਿਯੁਕਤ ਸਨ। ਪ੍ਰਦੀਪ ਸਿੰਘ ਨੂੰ ਵਿਸ਼ੇਸ਼ ਜਾਂਚ ਟੀਮ ਨੇ ਪਹਿਲਾਂ ਬਹਬਿਲ ਕਾਂਡ ਵਿੱਚ ਮੁੱਖ ਮੁਲਜ਼ਮਾਂ ਵਿੱਚ ਸ਼ਾਮਿਲ ਕੀਤਾ ਸੀ ਪਰ ਬਾਅਦ ਵਿੱਚ ਇੰਸਪੈਕਟਰ ਪ੍ਰਦੀਪ ਸਿੰਘ ਨੇ ਵਾਅਦਾ ਮੁਆਫ਼ ਗਵਾਹ ਬਣਨ ਦੀ ਇੱਛਾ ਜ਼ਾਹਰ ਕੀਤੀ ਸੀ ਜਿਸ ‘ਤੇ ਸਥਾਨਕ ਸੈਸ਼ਨ ਜੱਜ ਸੁਮੀਤ ਮਲਹੋਤਰਾ ਨੇ 15 ਸਤੰਬਰ 2020 ਨੂੰ ਉਨ੍ਹਾਂ ਨੂੰ ਵਾਅਦਾ ਮੁਆਫ਼ ਗਵਾਹ ਬਣਨ ਦੀ ਇਜਾਜ਼ਤ ਦੇ ਦਿੱਤੀ ਸੀ।
ਆਪਣੇ 19 ਸਫ਼ਿਆਂ ਦੇ ਬਿਆਨ ਵਿੱਚ ਇੰਸਪੈਕਟਰ ਪ੍ਰਦੀਪ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਸ ਵੇਲੇ ਦੇ ਡੀ.ਜੀ.ਪੀ. ਸੁਮੇਧ ਸੈਣੀ ਨੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਹਦਾਇਤ ਕੀਤੀ ਸੀ ਕਿ ਬਹਬਿਲ ਕਲਾਂ ਸੜਕ ਤੋਂ ਧਰਨਾ ਹਰ ਹਾਲਤ ਵਿੱਚ ਚੁਕਵਾ ਦਿੱਤਾ ਜਾਵੇ ਅਤੇ ਜੇਕਰ ਲੋੜ ਪੈਂਦੀ ਹੈ ਤਾਂ ਗੋਲੀਆਂ ਵੀ ਚਲਾਈਆਂ ਜਾਣ। ਇੰਸਪੈਕਟਰ ਪ੍ਰਦੀਪ ਸਿੰਘ ਨੇ ਖੁਲਾਸਾ ਕੀਤਾ ਕਿ ਬਹਬਿਲ ਗੋਲੀ ਕਾਂਡ ਡੀ.ਜੀ.ਪੀ. ਸੁਮੇਧ ਸੈਣੀ ਅਤੇ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸਿੰਘ ਸ਼ਰਮਾ ਦੇ ਕਥਿਤ ਗਲਤ ਰਵੱਈਏ ਕਾਰਨ ਵਾਪਰਿਆ। ਵਾਅਦਾ ਮੁਆਫ਼ ਗਵਾਹ ਨੇ ਇਹ ਵੀ ਖੁਲਾਸਾ ਕੀਤਾ ਕਿ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਬਣਨ ਤੋਂ ਬਾਅਦ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਪੁਲੀਸ ਲਾਈਨ ਲੁਧਿਆਣਾ ਵਿੱਚ ਉਨ੍ਹਾਂ ਸਾਰੇ ਅਫ਼ਸਰਾਂ ਦੀ ਮੀਟਿੰਗ ਬੁਲਾਈ ਸੀ ਜਿਸ ਵਿੱਚ ਉਸ ਨੇ ਬਹਬਿਲ ਕਲਾਂ ਵਿੱਚ ਚੱਲੀਆਂ ਗੋਲੀਆਂ ਦੀ ਸਚਾਈ ਨੂੰ ਛੁਪਾਊਣ ਲਈ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਉਹ ਆਪੋ-ਆਪਣਾ ਗੋਲੀ ਸਿੱਕਾ ਤੇ ਕਾਰਤੂਸ ਪੂਰੇ ਕਰ ਲੈਣ ਤਾਂ ਕਿ ਪੜਤਾਲ ਦੌਰਾਨ ਪੁਲੀਸ ਨਿਰਦੋਸ਼ ਸਾਬਿਤ ਹੋਵੇ।