ਜਸਵੰਤ ਜੱਸ
ਫ਼ਰੀਦਕੋਟ, 8 ਮਾਰਚ
ਬਹਬਿਲ ਗੋਲੀ ਕਾਂਡ ਵਿੱਚ ਮੁਲਜ਼ਮ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਪਹਿਲੀ ਵਾਰ ਫਰੀਦਕੋਟ ਦੀ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਏ। ਦੂਹਰੇ ਕਤਲ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਏ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਇਲਾਕਾ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਇੱਕ ਲੱਖ ਰੁਪਏ ਦੇ ਜ਼ਮਾਨਤਨਾਮੇ ਤੇ ਮੁਚੱਲਕੇ ਭਰਨ ਤੋਂ ਬਾਅਦ ਰਿਹਾਅ ਕਰ ਦਿੱਤਾ। ਹਾਈ ਕੋਰਟ ਨੇ 4 ਮਾਰਚ ਨੂੰ ਸੁਮੇਧ ਸੈਣੀ ਨੂੰ ਅਗਾਊਂ ਜ਼ਮਾਨਤ ਦਿੰਦਿਆਂ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਇਸੇ ਤਰ੍ਹਾਂ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਵੀ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮਿਲਣ ਮਗਰੋਂ ਇਸ ਮਾਮਲੇ ਵਿੱਚ ਅੱਜ ਅਦਾਲਤ ਸਾਹਮਣੇ ਪੇਸ਼ ਹੋਏ। ਅਦਾਲਤ ਨੇ ਉਨ੍ਹਾਂ ਨੂੰ ਵੀ ਇੱਕ ਲੱਖ ਰੁਪਏ ਦੇ ਜ਼ਮਾਨਤਨਾਮੇ ਤੇ ਮੁਚੱਲਕੇ ਉੱਪਰ ਰਿਹਾਅ ਕਰ ਦਿੱਤਾ। ਵਿਸ਼ੇਸ਼ ਜਾਂਚ ਟੀਮ ਨੇ ਇਨ੍ਹਾਂ ਦੋਹਾਂ ਪੁਲੀਸ ਅਧਿਕਾਰੀਆਂ ਖ਼ਿਲਾਫ਼ 15 ਜਨਵਰੀ ਨੂੰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ। ਅੱਜ ਇਨ੍ਹਾਂ ਦੋਹਾਂ ਸਾਬਕਾ ਪੁਲੀਸ ਅਧਿਕਾਰੀਆਂ ਦੇ ਅਦਾਲਤ ਵਿੱਚ ਪੇਸ਼ ਹੋਣ ਸਮੇਂ ਅਦਾਲਤ ਨੇ ਚਲਾਨ ਦੀਆਂ ਨਕਲਾਂ ਮੁਹੱਈਆ ਕਰਵਾ ਕੇ 9 ਮਾਰਚ ਨੂੰ ਮੁੜ ਅਦਾਲਤ ਸਾਹਮਣੇ ਪੇਸ਼ ਹੋਣ ਦਾ ਆਦੇਸ਼ ਦਿੱਤਾ। ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ’ਤੇ ਬਹਬਿਲ ਗੋਲੀ ਕਾਂਡ ਦੀ ਸਾਜਿਸ਼ ਰਚਣ ਦੇ ਵੀ ਦੋਸ਼ ਲੱਗੇ ਹਨ। ਇਨ੍ਹਾਂ ਦੋਹਾਂ ਸਾਬਕਾ ਪੁਲੀਸ ਅਧਿਕਾਰੀਆਂ ਦੇ ਅਦਾਲਤ ਸਾਹਮਣੇ ਪੇਸ਼ ਹੋਣ ਨਾਲ ਬਹਬਿਲ ਗੋਲੀ ਕਾਂਡ ਕੇਸ ਦੀ ਸੁਣਵਾਈ ਸ਼ੁਰੂ ਹੋਣ ਦੀ ਵੀ ਸੰਭਾਵਨਾ ਹੈ।