ਜਸਵੰਤ ਜੱਸ
ਫ਼ਰੀਦਕੋਟ, 8 ਫਰਵਰੀ
ਬਹਬਿਲ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਇੱਥੇ ਸੈਸ਼ਨ ਕੋਰਟ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਲਾ ਕੇ ਗ੍ਰਿਫ਼ਤਾਰੀ ਉੱਪਰ ਰੋਕ ਲਾਉਣ ਦੀ ਮੰਗ ਕੀਤੀ ਸੀ। ਸੈਸ਼ਨ ਜੱਜ ਸੁਮਿਤ ਮਲਹੋਤਰਾ ਨੇ ਇਸ ਮਾਮਲੇ ਦੀ ਸੁਣਵਾਈ 11 ਫਰਵਰੀ ਤਕ ਟਾਲ ਦਿੱਤੀ ਹੈ ਪਰ ਸੁਮੇਧ ਸੈਣੀ ਅਤੇ ਉਮਰਾਨੰਗਲ ਦੀ ਗ੍ਰਿਫ਼ਤਾਰੀ ਉੱਪਰ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਨੂੰ ਸੁਣਿਆ ਜਾਣਾ ਜ਼ਰੂਰੀ ਹੈ। ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਇਲਾਕਾ ਮੈਜਿਸਟਰੇਟ ਫ਼ਰੀਦਕੋਟ ਦੀ ਅਦਾਲਤ ਨੇ 9 ਫਰਵਰੀ ਨੂੰ ਅਦਾਲਤ ਵਿੱਚ ਤਲਬ ਕੀਤਾ ਹੋਇਆ ਹੈ ਅਤੇ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਖ਼ਤਰਾ ਹੈ ਕਿ ਜੇ ਉਹ ਅਦਾਲਤ ਸਾਹਮਣੇ ਪੇਸ਼ ਹੋਏ ਤਾਂ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾ ਸਕਦਾ ਹੈ।
ਸਰਕਾਰ ਨੇ ਅੱਜ ਅਦਾਲਤ ਵਿੱਚ ਇਨ੍ਹਾਂ ਦੋਵਾਂ ਪੁਲੀਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਮੁਲਜ਼ਮ ਪੁਲੀਸ ਅਧਿਕਾਰੀਆਂ ਵੱਲੋਂ ਅਦਾਲਤ ਵਿੱਚ ਦਿੱਤੀ ਅਰਜ਼ੀ ਕਾਨੂੰਨ ਮੁਤਾਬਕ ਸੁਣਵਾਈ ਯੋਗ ਨਹੀਂ ਹੈ। ਜ਼ਿਲ੍ਹਾ ਅਟਾਰਨੀ ਰਜਨੀਸ਼ ਕੁਮਾਰ ਗੋਇਲ ਨੇ ਦੱਸਿਆ ਕਿ ਬਹਬਿਲ ਗੋਲੀ ਕਾਂਡ ’ਚ ਪੁਲੀਸ ਦੀ ਗੋਲੀ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ ਤੇ ਵਿਸ਼ੇਸ਼ ਜਾਂਚ ਟੀਮ ਨੇ ਲੰਬੀ ਪੜਤਾਲ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ 15 ਜਨਵਰੀ ਨੂੰ ਅਦਾਲਤ ’ਚ ਚਲਾਨ ਪੇਸ਼ ਕੀਤਾ ਸੀ। ਸੰਮਨਾਂ ਬਾਰੇ ਦੋਵਾਂ ਪੁਲੀਸ ਅਧਿਕਾਰੀਆਂ ਨੂੰ ਸੂਚਨਾ ਮਿਲ ਚੁੱਕੀ ਹੈ।