ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 11 ਮਾਰਚ
ਬਹਬਿਲ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਨਿੱਜੀ ਤੌਰ ’ਤੇ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ। ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਪੇਸ਼ੀ ਤੇ ਗ੍ਰਿਫ਼ਤਾਰੀ ਉੱਪਰ ਰੋਕ ਲਾਈ ਹੋਈ ਸੀ ਪਰ ਸੁਪਰੀਮ ਕੋਰਟ ਨੇ ਪਿਛਲੇ ਹਫ਼ਤੇ ਹੀ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਆਧਾਰਹੀਣ ਕਰਾਰ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਨਿਰਦੇਸ਼ ਦਿੱਤੇ ਸਨ ਕਿ ਸੁਮੇਧ ਸੈਣੀ ਨੂੰ ਮਿਲੀ ਬਲੈਂਕਟ ਬੇਲ ਉੱਪਰ ਪੁਨਰ-ਵਿਚਾਰ ਕੀਤਾ ਜਾਵੇ। ਸਾਬਕਾ ਡੀਜੀਪੀ ਨੇ ਫ਼ਰੀਦਕੋਟ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਸੀ। ਸਾਬਕਾ ਪੁਲੀਸ ਅਧਿਕਾਰੀ ਨੇ ਅਦਾਲਤ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ 19 ਮਾਰਚ ਤੱਕ ਉਸ ਦੀ ਪਟੀਸ਼ਨ ’ਤੇ ਪੁਨਰ ਵਿਚਾਰ ਕਰ ਸਕਦੀ ਹੈ। ਇਸ ਲਈ ਉਸ ਨੂੰ ਅੱਜ ਲਈ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ ਜਾਵੇ। ਅਦਾਲਤ ਨੇ ਸਾਬਕਾ ਡੀਜੀਪੀ ਦੀ ਅੱਜ ਲਈ ਹਾਜ਼ਰੀ ਮੁਆਫ਼ ਕਰਨ ਤੋਂ ਬਾਅਦ ਅਗਲੀ ਸੁਣਵਾਈ 25 ਮਾਰਚ ਤੈਅ ਕੀਤੀ ਹੈ। ਅਦਾਲਤ ਵਿੱਚ ਸੁਣਵਾਈ ਦੌਰਾਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਪੁਲੀਸ ਮੁਖੀ ਚਰਨਜੀਤ ਸ਼ਰਮਾ, ਐੱਸਪੀ ਬਿਕਰਮ ਸਿੰਘ ਅਤੇ ਬਾਕੀ ਮੁਲਜ਼ਮ ਵੀ ਹਾਜ਼ਰ ਸਨ।