ਜਸਵੰਤ ਜੱਸ/ਭਾਰਤ ਭੂਸ਼ਣ ਆਜ਼ਾਦ
ਫਰੀਦਕੋਟ/ਕੋਟਕਪੂਰਾ, 11 ਮਈ
ਐਡਵੋਕੇਟ ਜਰਨਲ ਪੰਜਾਬ ਦੀ ਟੀਮ ਨੇ ਅੱਜ ਬਹਬਿਲ ਗੋਲੀ ਕਾਂਡ ਵਿੱਚ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਲਈ ਪਿਛਲੇ ਲਗਪਗ 6 ਮਹੀਨਿਆਂ ਤੋਂ ਧਰਨੇ ’ਤੇ ਬੈਠੇ ਅੰਦੋਲਨਕਾਰੀਆਂ ਨਾਲ ਮੀਟਿੰਗ ਕੀਤੀ ਤੇ ਭਰੋਸਾ ਦਿੱਤਾ ਕਿ ਸਰਕਾਰ 10 ਜੁਲਾਈ ਤੱਕ ਬਹਬਿਲ ਗੋਲੀ ਕਾਂਡ ਮਾਮਲੇ ਵਿੱਚ ਕਾਨੂੰਨੀ ਪ੍ਰਕਿਰਿਆ ਨੂੰ ਅੰਜਾਮ ਤੱਕ ਪਹੁੰਚਾ ਦੇਵੇਗੀ। ਟੀਮ ਦੇ ਮੁਖੀ ਐਡਵੋਕੇਟ ਸੰਤੋਖਇੰਦਰ ਸਿੰਘ ਗਰੇਵਾਲ, ਇਕਬਾਲ ਸਿੰਘ, ਜਗਜੀਤ ਸਿੰਘ, ਬਲਰਾਜ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਕਾਨੂੰਨੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਦੇਖ-ਰੇਖ ਕਰ ਰਹੀ ਕਾਨੂੰਨੀ ਟੀਮ 10 ਜੂਨ ਨੂੰ ਅੰਦੋਲਨਕਾਰੀਆਂ ਨਾਲ ਦੁਬਾਰਾ ਗੱਲਬਾਤ ਕਰੇਗੀ ਤੇ 10 ਜੁਲਾਈ ਤੱਕ ਕੇਸ ਦੀ ਪ੍ਰਗਤੀ ਰਿਪੋਰਟ ਅੰਦੋਲਨਕਾਰੀਆਂ ਸਾਹਮਣੇ ਪੇਸ਼ ਕੀਤੀ ਜਾਵੇਗੀ। ਦੱਸਣਯੋਗ ਹੈ ਕਿ 10 ਅਪਰੈਲ ਨੂੰ ਸਰਕਾਰ ਵੱਲੋਂ ਟੀਮ ਬਣਾ ਕੇ ਭਰੋਸਾ ਦਿੱਤਾ ਗਿਆ ਸੀ ਕਿ 90 ਦਿਨਾਂ ਵਿੱਚ ਇਸ ਮਾਮਲੇ ’ਚ ਕਾਰਵਾਈ ਕੀਤੀ ਜਾਵੇਗੀ। ਅੱਜ ਟੀਮ ਨਾਲ ਗੱਲਬਾਤ ਮਗਰੋਂ ਅੰਦੋਲਨਕਾਰੀਆਂ ਨੇ ਧਰਨਾ ਚੁੱਕ ਲਿਆ ਹੈ।
ਸਪੈਸ਼ਲ ਅਦਾਲਤ ਵਿੱਚ ਸੁਣਵਾਈ ਭਲਕੇ
ਬਹਬਿਲ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਇੱਥੋਂ ਦੀ ਸਪੈਸ਼ਲ ਅਦਾਲਤ ਵਿੱਚ 13 ਮਈ ਨੂੰ ਹੋਵੇਗੀ। ਇਸ ਦਿਨ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ’ਚ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਹੋਣ ਦੇ ਮੁੱਦੇ ’ਤੇ ਬਹਿਸ ਹੋਣੀ ਹੈ। ਅਦਾਲਤ ਵਿੱਚ ਚਲਾਨ ਪੇਸ਼ ਹੋਣ ਤੋਂ ਦੋ ਸਾਲ ਬਾਅਦ ਵੀ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਹੋਣ ਦੀ ਕਾਰਵਾਈ ਮੁਕੰਮਲ ਨਹੀਂ ਹੋ ਸਕੀ।