ਸਰਬਜੀਤ ਸਿੰਘ ਭੰਗੂ
ਪਟਿਆਲਾ, 25 ਨਵੰਬਰ
ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਭਾਵੇਂ ਪਹਿਲਾਂ ਵੀ ਕਈ ਵਾਰ ਸੰਘਰਸ਼ ਕੀਤੇ ਗਏ ਹਨ ਪਰ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੇ ਅੰਤਲੇ ਪੜਾਅ ’ਤੇ ਆ ਕੇ ਵੀ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਦਾ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਦਾ ਰੋਹ ਹੋਰ ਤਿੱਖਾ ਹੋ ਰਿਹਾ ਹੈ। ਮੈਨੇਜਮੈਂਟ ਅਤੇ ਮੁਲਾਜ਼ਮ ਆਗੂਆਂ ਦਰਮਿਆਨ ਅੱਜ ਹੋਈ ਤੀਜੇ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹੀ ਹੈ। ਮੁਲਾਜ਼ਮ ਆਗੂਆਂ ਦੀ ਮੰਗ ਹੈ ਕਿ ਮੈਨੇਜਮੈਂਟ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ। ‘ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ’ ਦੇ ਬੁਲਾਰੇ ਕਰਮਚੰਦ ਭਾਰਦਵਾਜ ਨੇ ਦੱਸਿਆ ਕਿ ਸਮੂਹਕ ਛੁੱਟੀ 26 ਨਵੰਬਰ ਤੱਕ ਹੈ ਤੇ ਅਗਲੀ ਰਣਨੀਤੀ ਲਈ 26 ਨਵੰਬਰ ਨੂੰ ਮੀਟਿੰਗ ਸੱਦ ਲਈ ਗਈ ਹੈ। ਉਧਰ ਬਿਜਲੀ ਮੁਲਾਜ਼ਮਾਂ ਦੀਆਂ ਹੀ ਕਈ ਹੋਰ ਜਥੇਬੰਦੀਆਂ ਦੀ ਪ੍ਰਤੀਨਿਧਤਾ ਕਰ ਰਹੇ ਬਿਜਲੀ ਮੁਲਾਜ਼ਮ ਏਕਤਾ ਮੰਚ ਵੱਲੋਂ ਮੁੱਖ ਦਫ਼ਤਰ ਵਿੱਚ ਦਿੱਤਾ ਜਾ ਰਿਹਾ ਦਿਨ ਰਾਤ ਦਾ ਧਰਨਾ ਅੱੱਜ ਚੌਥੇ ਦਿਨ ਵੀ ਜਾਰੀ ਰਿਹਾ। ਮੰਚ ਦੇ ਬੁਲਾਰੇ ਮਨਜੀਤ ਸਿੰਘ ਚਾਹਲ ਦਾ ਕਹਿਣਾ ਸੀ ਕਿ ਅੱਜ ਦੇ ਰੋਸ ਪ੍ਰਦਰਸ਼ਨ ’ਚ ਪੱਛਮ ਜ਼ੋਨ ਬਠਿਡਾ, ਮੁਕਤਸਰ, ਫਿਰੋਜ਼ਪੁਰ, ਫਰੀਦਕੋਟ ਤੇ ਲਹਿਰਾ ਮਹੱਬਤ ਦੇ ਬਿਜਲੀ ਮੁਲਾਜ਼ਮਾਂ ਨੇ ਹਿੱਸਾ ਲਿਆ। ਪੰਜਾਬ ਸਰਕਾਰ ਦੇ ਜੂਨੀਅਰ ਇੰਜਨੀਅਰਾਂ ਦੇ ਬਰਾਬਰ ਤਨਖਾਹ ਕਰਨ ਅਤੇ ਹੋਰ ਮੰਗਾਂ ਦੀ ਪੂਰਤੀ ਨੂੰ ਲੈ ਕੇ ਪਾਵਰਕੌਮ ਦੇ ਜੂਨੀਅਰ ਇੰਜਨੀਅਰਾਂ ਵੱਲੋਂ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਅੱਜ ਨੌਵੇਂ ਦਿਨ ਵੀ ਲੜੀਵਾਰ ਭੁੱਖ ਹੜਤਾਲ ਕੀਤੀ। ਇਸੇ ਤਰ੍ਹਾਂ ਪਾਵਰਕੌਮ ਦੇ ਮ੍ਰਿਤਕ ਮੁਲਾਜਮਾਂ ਦੇ ਆਸ਼ਰਿਤ ਵੱਲੋਂ ਵੀ ਦੋ ਮਹੀਨੇ ਤੋਂ ਇਥੇ ਪੱਕਾ ਮੋਰਚਾ ਲਾਇਆ ਹੋਇਆ ਹੈ।