ਮੇਜਰ ਸਿੰਘ ਮੱਟਰਾਂ
ਸੰਗਰੂਰ, 29 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਉਹ ਨੇੜਲੇ ਪਿੰਡ ਘਰਾਚੋਂ ਵਿੱਚ ਸ਼ਹੀਦ ਭਗਤ ਸਿੰਘ ਅਵੇਅਰਨੈੱਸ ਕਲੱਬ ਘਰਾਚੋਂ ਵੱਲੋਂ ਕਰਵਾਏ ਗਏ ‘ਇੱਕ ਸ਼ਾਮ ਸ਼ਹੀਦਾਂ ਦੇ ਨਾਮ’ ਸਮਾਗਮ ਵਿੱਚ ਬੋਲ ਰਹੇ ਸਨ।
ਇੱਥੇ ਦੇਰ ਸ਼ਾਮ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਬਰਾਬਰਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਹਾਮੀ ਸਨ। ਸ਼ਹੀਦ-ਏ-ਆਜ਼ਮ ਨੇ ਭ੍ਰਿਸ਼ਟਾਚਾਰ ਅਤੇ ਬੇਇਨਸਾਫ਼ੀ ਤੋਂ ਮੁਕਤ ਸਮਾਜ ਦੀ ਕਲਪਨਾ ਕੀਤੀ ਸੀ। ਸ੍ਰੀ ਮਾਨ ਨੇ ਕਿਹਾ ਕਿ ਅਜਿਹੀ ਵਿਚਾਰਧਾਰਾ ਹੀ ਭਾਰਤ ਨੂੰ ਦੁਨੀਆਂ ਦਾ ਮੋਹਰੀ ਦੇਸ਼ ਬਣਾ ਸਕਦੀ ਹੈ।
ਚੰਡੀਗੜ੍ਹ ਹਵਾਈ ਅੱਡੇ ਦੇ ਨਾਂ ਨੂੰ ਲੈ ਕੇ ਰੌਲਾ ਪਾਉਣ ਲਈ ਵਿਰੋਧੀ ਆਗੂਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ। ਇਸ ਵਾਸਤੇ ਇਨ੍ਹਾਂ ਆਗੂਆਂ ਨੂੰ ਧੀਰਜ ਰੱਖਣਾ ਚਾਹੀਦਾ ਹੈ ਕਿਉਂਕਿ ਹਵਾਈ ਅੱਡੇ ਸਬੰਧੀ ਰਹਿੰਦੇ ਸਾਰੇ ਮਸਲੇ ਜਲਦੀ ਹੱਲ ਕੀਤੇ ਜਾਣਗੇ। ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸੂਬੇ ਦੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ’ਤੇ ਚੱਲਣ ਦਾ ਸੱਦਾ ਦਿੰਦਿਆਂ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ ਕਹਿਣ ਵਾਲੇ ਖੁਦ ਮੁਗਲਾਂ ਤੇ ਅੰਗਰੇਜ਼ਾਂ ਦੇ ਪਿੱਠੂ ਬਣ ਕੇ ਲੋਕਾਂ ਨਾਲ ਧ੍ਰੋਹ ਕਰਦੇ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਹੋਰ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਫਨਿਆਂ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਅੱਧੀ ਰਾਤ ਤੱਕ ਚੱਲੇ ਇਸ ਪ੍ਰੋਗਰਾਮ ਵਿੱਚ ਲਚਕਾਣੀ ਵਾਲੇ ਢਾਡੀ ਜੱਥੇ, ਨਾਟਕਾਂ ਅਤੇ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਸ਼ਾਨਦਾਰ ਪੇਸ਼ਕਾਰੀ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਪੁਲੀਸ ਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।