ਪੱਤਰ ਪ੍ਰੇਰਕ
ਤਲਵੰਡੀ ਸਾਬੋ/ਰਾਮਾ ਮੰਡੀ, 2 ਸਤੰਬਰ
ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ਮਾਤਾ ਹਰਪਾਲ ਕੌਰ, ਪਤਨੀ ਡਾ. ਗੁਰਪ੍ਰੀਤ ਕੌਰ, ਵਿਧਾਇਕਾਂ, ਨਵੇਂ ਬਣੇ ਚੇਅਰਮੈਨਾਂ ਤੇ ਹੋਰ ਪਾਰਟੀ ਆਗੂਆਂ ਸਣੇ ਤਖ਼ਤ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਬੰਦ ਕਮਰਾ ਮੀਟਿੰਗ ਕੀਤੀ। ਸੂਤਰਾਂ ਅਨੁਸਾਰ ਇਸ ਮੌਕੇ ਰਾਜ ਅਤੇ ਸਿੱਖ ਪੰਥ ਨਾਲ ਸਬੰਧਤ ਮਸਲਿਆਂ ’ਤੇ ਚਰਚਾ ਕੀਤੀ ਗਈ। ਜਾਣਕਾਰੀ ਅਨੁਸਾਰ ਭਗਵੰਤ ਮਾਨ ਨੇ ਤਖ਼ਤ ਦਮਦਮਾ ਸਾਹਿਬ ਵਿਖੇ ਮੱਥਾ ਟੇਕ ਕੇ ਕੁਝ ਸਮਾਂ ਕੀਰਤਨ ਸਰਵਣ ਕੀਤਾ ਤੇ ਇੱਥੇ ਸੁਸ਼ੋਭਿਤ ਇਤਿਹਾਸਕ ਵਸਤਾਂ ਦੇ ਦਰਸ਼ਨ ਕੀਤੇ ਤੇ ਸਿੱਖ ਇਤਿਹਾਸ ਨਾਲ ਸਬੰਧਤ ਚਿੱਤਰ ਪ੍ਰਦਰਸ਼ਨੀ ਵੀ ਦੇਖੀ। ਤਖ਼ਤ ਸਾਹਿਬ ਤੇ ਮੈਨੇਜਰ ਰਣਜੀਤ ਸਿੰਘ ਤੇ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਸਾਹਿਬ, ਤਖ਼ਤ ਸਾਹਿਬ ਦੀ ਤਸਵੀਰ, ਸਿਰੋਪਾਓ ਤੇ ਕੰਬਲੀ ਨਾਲ ਮੁੱਖ ਮੰਤਰੀ ਦਾ ਸਨਮਾਨ ਕੀਤਾ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰੂ ਗੋਬਿੰਦ ਸਿੰਘ ਰਿਫਾਇਨਰੀ, ਬਠਿੰਡਾ ਦੇ ਪ੍ਰਬੰਧਕਾਂ ਨੂੰ ਇਸ ਵੱਕਾਰੀ ਪ੍ਰੋਜੈਕਟ ਦੇ ਵਿਸਥਾਰ ਲਈ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਅੱਜ ਇੱਥੇ ਰਿਫਾਇਨਰੀ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਦੇ ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਦੇ ਹੋਰ ਵਿਸਥਾਰ ਵਿੱਚ ਸਹਿਯੋਗ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਨੂੰ ਤਰੱਕੀ ਦੀਆਂ ਸਿਖਰਾਂ ਉਤੇ ਲਿਜਾਣ ਲਈ ਬਹੁਤ ਅਹਿਮੀਅਤ ਰੱਖਦਾ ਹੈ। ਜਾਣਕਾਰੀ ਅਨੁਸਾਰ ਅੱਜ ਮੁੱਖ ਮੰਤਰੀ ਨੇ ਕਾਰਖਾਨੇ ਅੰਦਰ 2000 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਪੈਟਰੋਕੈਮੀਕਲ ਪਲਾਂਟ ਦਾ ਜਾਇਜ਼ਾ ਲਿਆ, ਜਿਸ ਨੂੰ ਕੰਪਨੀ ਵੱਲੋਂ ਜਲਦੀ ਹੀ ਸ਼ੁਰੂ ਕੀਤਾ ਜਾਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਪਲਾਸਟਿਕ ਪਾਰਕ ਸਥਾਪਤ ਕਰਨ ਲਈ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੂਜੇ ਸੂਬਿਆਂ ਤੋਂ ਪਲਾਸਟਿਕ ਦੀ ਦਰਾਮਦ ਨੂੰ ਰੋਕਣ ਵਿੱਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੇ ਮਨਸੂਬੇ ਘੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਵਿਰੋਧੀ ਪਾਰਟੀਆਂ ਕੋਲ ਕੋਈ ਠੋਸ ਮੁੱਦਾ ਨਹੀਂ ਹੈ ਜਿਸ ਕਰਕੇ ਝੂਠੇ ਮੁੱਦਿਆਂ ਦਾ ਸਹਾਰਾ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਤਲਵੰਡੀ ਸਾਬੋ ਦੀ ਨੁਹਾਰ ਬਦਲਣ ਲਈ ਯਤਨ ਕੀਤੇ ਜਾਣਗੇ।