ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਗਵੰਤ ਮਾਨ ਤੇ ਕੇਜਰੀਵਲ ਵੱਲੋਂ ਅਗਰਸੈਨ ਦਰਬਾਰ ਦਾ ਨੀਂਹ ਪੱਥਰ

ਕਾਰੋਬਾਰ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਵਪਾਰੀ ਬੋਰਡ ਕਾਇਮ ਕਰਨ ਦਾ ਐਲਾਨ
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੇ ਨਾਲ ਖੜ੍ਹੇ ਹਨ ਅਰਵਿੰਦ ਕੇਜਰੀਵਾਲ ਤੇ ਹੋਰ। -ਫੋਟੋ: ਰਾਜੇਸ਼ ਸੱਚਰ
Advertisement

ਸਰਬਜੀਤ ਸਿੰਘ ਭੰਗੂ/ਮੋਹਿਤ ਸਿੰਗਲਾ

ਪਟਿਆਲਾ/ਨਾਭਾ, 25 ਮਈ

Advertisement

ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਸੁਪਰੀਮੋੋ ਅਰਵਿੰਦ ਕੇਜਰੀਵਾਲ ਨੇ ਅੱਜ ਨਾਭਾ ਵਿੱਚ ਮਹਾਰਾਜਾ ਅਗਰਸੈਨ ਦਰਬਾਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ, ਜਿਸ ’ਤੇ ਅਗਰਵਾਲ ਭਾਈਚਾਰੇ ਵੱਲੋਂ ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਏਗੀ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਦੋਵਾਂ ਆਗੂਆਂ ਨੇ ਮਹਾਰਾਜਾ ਅਗਰਸੈਨ ਨੂੰ ਸ਼ਰਧਾਂਜਲੀ ਭੇਟ ਕੀਤੀ। ਬਾਣੀਆ ਭਾਈਚਾਰੇ ਨੂੰ ਪੰਜਾਬ ਦੇ ਵਿਕਾਸ ਦਾ ਥੰਮ੍ਹ ਕਰਾਰ ਦਿੰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਅਗਰਵਾਲ ਸਮਾਜ ਦੀ ਸੇਵਾ, ਵਪਾਰ ਅਤੇ ਧਾਰਮਿਕ ਭਾਵਨਾ ਪੰਜਾਬ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹੈ। ਪੰਜਾਬ ਸਰਕਾਰ ਵੱਲੋਂ ਸੁਰੱਖਿਆ, ਮਾਣ-ਸਤਿਕਾਰ ਅਤੇ ਕਾਰੋਬਾਰ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਜ਼ਿਲ੍ਹਾ ਪੱਧਰ ’ਤੇ ਵਪਾਰੀ ਬੋਰਡ ਕਾਇਮ ਕਰਨ ਦਾ ਐਲਾਨ ਵੀ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਮਹਾਰਾਜਾ ਅਗਰਸੈਨ ਨੇ ਸਮਾਜਿਕ ਸਦਭਾਵਨਾ ਅਤੇ ਏਕਤਾ ਦੀਆਂ ਤੰਦਾਂ ਦੀ ਮਜ਼ਬੂਤੀ ਰਾਹੀਂ ਸਭਨਾਂ ਦੀ ਭਲਾਈ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅਗਰਵਾਲ ਭਾਈਚਾਰੇ ਨੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਤੇ ਉਮੀਦ ਹੈ ਕਿ ਇਹ ਭਾਈਚਾਰਾ ਭਵਿੱਖ ਵਿੱਚ ਵੀ ਵਿਕਾਸ ਪ੍ਰਕਿਰਿਆ ਵਿੱਚ ਹੋਰ ਸਰਗਰਮੀ ਨਾਲ ਹਿੱਸਾ ਲਵੇਗਾ। ਅਰਵਿੰਦ ਕੇਜਰੀਵਾਲ ਨੇ ਵੀ ਉਨ੍ਹਾਂ ਨੂੰ ਅਹਿੰਸਾ ਅਤੇ ਸ਼ਾਂਤੀ ਦਾ ਦੂਤ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਸਨ ’ਚ ਕੋਈ ਵੀ ਭੁੱਖਾ ਨਹੀਂ ਸੌਂਦਾ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਵੱਡੇ ਨਿਵੇਸ਼ ਲਈ ਅਹਿਮ ਫ਼ੈਸਲੇ ਲਏ ਜਾਣਗੇ, ਜਿਸ ਨਾਲ ਵਿਕਾਸ ਦੇ ਨਵੇਂ ਅਤੇ ਬੇਮਿਸਾਲ ਯੁੱਗ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਰਾਜ ਅਤੇ ਜ਼ਿਲ੍ਹਾ ਪੱਧਰ ’ਤੇ ਵਪਾਰੀਆਂ ਦੇ ਬੋਰਡ ਬਣਾਏ ਜਾਣ ਦੀ ਜਾਣਕਾਰੀ ਵੀ ਦਿੱਤੀ।

ਪਟਿਆਲਾ ਦੇ ਕਾਲੀ ਮਾਤਾ ਮੰਦਿਰ ’ਚ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਥਿਤ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਲੋੜੀਂਦੇ ਸਰੋਤਾਂ ਨਾਲ ਮੰਦਿਰ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 30 ਸਾਲ ਤੋਂ ਮੰਦਿਰ ਦੇ ਸੁੱਕੇ ਪਏ ਸਰੋਵਰ ਨੂੰ ਸੁਰਜੀਤ ਕੀਤਾ ਜਾਵੇਗਾ ਜੋ ਕਿ ਇਸ ਦੀ ਪਵਿੱਤਰਤਾ ਨੂੰ ਬਰਕਰਾਰ ਰੱਖੇਗਾ ਅਤੇ ਇਸਨੂੰ ਵਿਰਾਸਤੀ ਵਾਸਤੂ ਕਲਾ ਨਾਲ ਹੋਰ ਆਕਰਸ਼ਕ ਦਿੱਖ ਦਿੱਤੀ ਜਾਵੇਗੀ। ਮੰਦਿਰ ਦੇ ਪਿਛਲੇ ਗੇਟ ਨੂੰ ਦੁਬਾਰਾ ਖੋਲ੍ਹਣ ਅਤੇ ਨਵੀਨੀਕਰਨ ਦਾ ਪ੍ਰਸਤਾਵ ਵੀ ਹੈ। ਸਾਰੇ ਮੰਦਿਰ ਦੇ ਪ੍ਰਵੇਸ਼ ਦੁਆਰਾਂ ਨੂੰ ਇੱਕੋ ਸਮੇਂ ਨਵੀਂ ਦਿੱਖ ਵਿੱਚ ਬਹਾਲ ਕੀਤਾ ਜਾਵੇਗਾ ਤਾਂ ਜੋ ਵਾਸਤੂ ਕਲਾ ਦੀ ਸਮਰੂਪਤਾ ਕਾਇਮ ਰੱਖਦਿਆਂ ਸ਼ਰਧਾਲੂਆਂ ਦੀ ਆਮਦ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ। ਦੋਵਾਂ ਸ਼ਖ਼ਸੀਅਤਾਂ ਦਾ ਕਹਿਣਾ ਸੀ ਕਿ ਸਿੱਖ ਅਤੇ ਹਿੰਦੂ ਪਰੰਪਰਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਧਾਲੂਆਂ, ਖਾਸ ਕਰਕੇ ਦੂਰ-ਦੁਰਾਡੇ ਤੋਂ ਆਉਣ ਵਾਲੇ ਜਾਂ ਆਰਥਿਕ ਤੌਰ ’ਤੇ ਕਮਜ਼ੋਰ ਸ਼ਰਧਾਲੂਆਂ ਲਈ ਰੋਜ਼ਾਨਾ ਲੰਗਰ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰੀ ਅਤੇ ਧਾਰਮਿਕ ਯੋਜਨਾ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਵਿੱਖ ਵਿੱਚ ਹੋਣ ਵਾਲੀਆਂ ਉਸਾਰੀਆਂ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸੇਵਾਵਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਦੇ ਸੁਚਾਰੂ ਪ੍ਰਬੰਧਨ ਲਈ ਇੱਕ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਹਰਮੀਤ ਪਠਾਣਮਾਜਰਾ, ਅਜੀਤਪਾਲ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਕੁਲਵੰਤ ਬਾਜ਼ੀਗਰ, ਗੁਰਲਾਲ ਘਨੌਰ, ਪੀਆਰਟੀਸੀ ਚੇਅਰਮੈਨ ਰਣਜੋਧ ਹਡਾਣਾ, ‘ਆਪ’ ਦੇ ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸੰਧੂ, ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਤੇ ਤੇਜਿੰਦਰ ਮਹਿਤਾ, ਜਗਦੀਪ ਜੱਗਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Advertisement
Show comments