ਆਤਿਸ਼ ਗੁਪਤਾ
ਚੰਡੀਗੜ੍ਹ, 14 ਮਈ
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਆਈਪੀ ਸੈੱਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਉਹ ਜੇਲ੍ਹਾਂ ਵਿੱਚ ਵੀਆਈਪੀ ਕਲਚਰ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੇ ਵੀਆਈਪੀ ਕਮਰਿਆਂ ਨੂੰ ਸਟਾਫ ਦੀ ਵਰਤੋਂ ਲਈ ਪ੍ਰਬੰਧਕੀ ਬਲਾਕ ਬਣਾਇਆ ਜਾਵੇਗਾ। ਉਨ੍ਹਾਂ ਵੀਡੀਓ ਸੁਨੇਹੇ ਰਾਹੀਂ ਕਿਹਾ ਕਿ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਮੋਬਾਈਲ ਫ਼ੋਨਾਂ ਦੀ ਦੁਰਵਰਤੋਂ ਰੋਕਣ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ 710 ਮੋਬਾਈਲ ਫ਼ੋਨ ਜ਼ਬਤ ਕੀਤੇ ਗਏ ਹਨ। ਜੇਲ੍ਹਾਂ ਹੁਣ ਅਸਲ ’ਚ ਸੁਧਾਰ ਘਰ ਹੋਣਗੀਆਂ। ਸ੍ਰੀ ਮਾਨ ਨੇ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀਆਂ ਗਈਆਂ ਹੋਰ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਗੱਲ ਤੋਂ ਹੈਰਾਨ ਹੁੰਦੇ ਹਨ ਕਿ ਅਦਾਲਤਾਂ ਵੱਲੋਂ ਦੋਸ਼ੀ ਕਰਾਰ ਦਿੱਤਾ ਬੰਦਾ ਜੇਲ੍ਹਾਂ ਵਿੱਚ ਵੀਆਈਪੀ ਕਿਵੇਂ ਬਣ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਗੈਂਗਸਟਰਾਂ ਦਾ ਨੈੱਟਵਰਕ ਚੱਲਦਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਵਚਨਬੱਧ ਹੈ।