ਭਗਵੰਤ ਮਾਨ ਨੇ ਦਿੱਲੀ ਵਾਲਿਆਂ ਅੱਗੇ ਗੋਡੇ ਟੇਕੇ: ਗਾਂਧੀ
ਗੁਰਿੰਦਰ ਸਿੰਘ
ਲੁਧਿਆਣਾ, 8 ਜੂਨ
ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਹਾਈ ਕਮਾਨ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਪੰਜਾਬ ਦੇ ਹਿੱਤਾਂ ਅਤੇ ਸਰਕਾਰੀ ਖਜ਼ਾਨੇ ਦੀਆਂ ਚਾਬੀਆਂ ਦਿੱਲੀ ਵਾਲਿਆਂ ਨੂੰ ਸੌਂਪ ਦਿੱਤੀਆਂ ਹਨ।
ਉਹ ਅੱਜ ਪੱਛਮੀ ਹਲਕੇ ਵਿੱਚ ਭਾਰਤ ਭੂਸ਼ਣ ਆਸ਼ੂ ਦੇ ਹੱਕ ’ਚ ਪ੍ਰਚਾਰ ਦੌਰਾਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਵਰਗੇ ਲੋਕ ਇਮਾਨਦਾਰੀ ਦਾ ਹੋਕਾ ਦਿੰਦੇ ਨਹੀਂ ਥੱਕਦੇ ਪਰ ਉਹ ਖੁਦ ਸ਼ਰਾਬ ਘੁਟਾਲੇ ਵਿੱਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਈ-ਕਈ ਮਹੀਨੇ ਜੇਲ੍ਹਾਂ ਵਿੱਚ ਕੱਟ ਕੇ ਆਏ ਹਨ ਅਤੇ ਹੁਣ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦਾ ਦਾਅਵਾ ਕਰ ਰਹੇ ਹਨ। ਸ੍ਰੀ ਗਾਂਧੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਨਾਮ ’ਤੇ ਵੋਟਾਂ ਬਟੋਰਨ ਵਾਲੇ ਲੋਕ ਸੱਤਾ ਵਿੱਚ ਆਉਂਦੇ ਹੀ ਖ਼ਾਸ ਲੋਕ ਬਣ ਗਏ ਅਤੇ ਵੀਆਈਪੀ ਕਲਚਰ ਦਾ ਵਿਰੋਧ ਕਰਨ ਵਾਲਿਆਂ ਨੇ ਵਿਸ਼ੇਸ਼ ਵੀਆਈਪੀ ਸਹੂਲਤਾਂ ਦਾ ਆਨੰਦ ਮਾਣਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਦੇ ਦੁਸ਼ਮਣ ਦੱਸਿਆ। ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਮੌਜੂਦ ਸਨ।
ਬਟਵਾਲ ਸਭਾ ਦਾ ਪ੍ਰਧਾਨ ਸਾਥੀਆਂ ਸਣੇ ਕਾਂਗਰਸ ਵਿੱਚ ਸ਼ਾਮਲ
ਇਸ ਦੌਰਾਨ ਆਲ ਇੰਡੀਆ ਬਟਵਾਲ ਬਿਰਾਦਰੀ ਵੈਲਫੇਅਰ ਐਸੋਸੀਏਸ਼ਨ ਨੇ ਭਾਜਪਾ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਜੰਝ ਘਰ ਬਟਵਾਲ ਸਭਾ ਦੇ ਪ੍ਰਧਾਨ ਜੋਗਿੰਦਰ ਪਾਲ ਮਾਂਡੀ ਨੇ ਆਪਣੇ ਸਾਥੀਆਂ ਸਣੇ ਮਾਂ ਪਾਰਟੀ ਕਾਂਗਰਸ ਵਿੱਚ ਘਰ ਵਾਪਸੀ ਕਰਦਿਆਂ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਆਪਣੀ ਜ਼ਿੰਦਗੀ ਦੀ ਸਭ ਤੋਂ ਵੱਡੀ ਭੁੱਲ ਦੱਸਿਆ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਭਾਰਤ ਭੂਸ਼ਣ ਆਸ਼ੂ ਨੇ ਜੋਗਿੰਦਰ ਪਾਲ ਮਾਂਡੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਕਾਂਗਰਸ ਵਿੱਚ ਘਰ ਪਰਤਣ ’ਤੇ ਸਵਾਗਤ ਕੀਤਾ। ਇਸ ਮੌਕੇ ਸਵਰਗੀ ਯਮਲਾ ਜੱਟ ਦੇ ਪਰਿਵਾਰ ਨੇ ਵੀ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਦਾ ਐਲਾਨ ਕੀਤਾ। ਪੰਜਾਬੀ ਕਲਾਕਾਰ ਬੀਬੀ ਚਿਮਟੇ ਵਾਲੀ ਨੇ ਭਾਰਤ ਭੂਸ਼ਣ ਆਸ਼ੂ ਦੀ ਤਨ ਮਨ ਨਾਲ ਮਦਦ ਕਰਨ ਦਾ ਐਲਾਨ ਕੀਤਾ।