ਹੜ੍ਹਾਂ ਮੌਕੇ ਭਗਵੰਤ ਮਾਨ ਨੇ ਪੰਜਾਬ ਨੂੰ ਵਿਸਾਰਿਆ: ਮੁਰੂਗਨ
ਕੇਂਦਰੀ ਰਾਜ ਮੰਤਰੀ ਵੱਲੋਂ ਪੰਜਾਬ ਵਿੱਚ ਹਡ਼੍ਹਾਂ ਮੌਕੇ ਮੁੱਖ ਮੰਤਰੀ ’ਤੇ ਦੂਜੇ ਸੂਬਿਆਂ ਦੀ ਯਾਤਰਾ ਕਰਨ ਦਾ ਦੋਸ਼ ; ਨਾਜਾਇਜ਼ ਖਣਨ ਸਬੰਧੀ ਜ਼ਰੂਰੀ ਕਦਮ ਚੁੱਕਣ ਦਾ ਐਲਾਨ
Advertisement
ਕੇਂਦਰੀ ਸੂਚਨਾ ਪ੍ਰਸਾਰਨ ਅਤੇ ਸੰਸਦੀ ਕਾਰਜ ਰਾਜ ਮੰਤਰੀ ਡਾ. ਐੱਲ. ਮੁਰੂਗਨ ਨੇ ਅੱਜ ਇੱਥੇ ਕੈਨਾਲ ਰੈਸਟ ਹਾਊਸ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਦੀ ਜਨਤਾ ਹੜ੍ਹਾਂ ਦਾ ਸਾਹਮਣਾ ਕਰ ਰਹੀ ਸੀ, ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੂਜੇ ਸੂਬਿਆਂ ਦੀ ਯਾਤਰਾ ਵਿੱਚ ਰੁੱਝੇ ਹੋਏ ਸਨ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਮੁੱਖ ਮੰਤਰੀ ਮਾਨ ਨੂੰ ਆਪਣੇ ਸੂਬੇ ਵਿੱਚ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੇ ਰੂਪਨਗਰ ਦੌਰੇ ਦੌਰਾਨ ਪਿੰਡ ਸ਼ਾਹਪੁਰ ਬੇਲਾ, ਹਰੀਵਾਲ, ਬੇਲਾ ਧਿਆਨੀ ਅਤੇ ਨੰਗਲ ਆਦਿ ਥਾਵਾਂ ’ਤੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦੀ ਪੂਰੀ ਕੈਬਨਿਟ ਪੰਜਾਬ ਪ੍ਰਤੀ ਚਿੰਤਤ ਹੈ ਅਤੇ ਇਸ ਔਖੇ ਸਮੇਂ ਪੰਜਾਬ ਦੀ ਜਨਤਾ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀ ਜਨਤਾ ਨੂੰ ਇਕੱਲਾ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਦੌਰੇ ਦੌਰਾਨ ਕਈ ਥਾਵਾਂ ਤੋਂ ਨਾਜਾਇਜ਼ ਖਣਨ ਦੀਆਂ ਵੀ ਸ਼ਿਕਾਇਤਾਂ ਮਿਲੀਆਂ ਹਨ ਅਤੇ ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਸ਼ਿਕਾਇਤ ਭੇਜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮੁੱਦੇ ’ਤੇ ਗੰਭੀਰਤਾ ਨਾਲ ਵਿਚਾਰ ਕਰੇਗੀ ਅਤੇ ਜ਼ਰੂਰੀ ਕਦਮ ਚੁੱਕੇ ਜਾਣਗੇ। ਇਸ ਮੌਕੇ ਭਾਜਪਾ ਦੇ ਸੂਬਾ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ, ਜ਼ਿਲ੍ਹਾ ਮਹਾਂਮੰਤਰੀ ਰਮਨ ਜਿੰਦਲ ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ।
Advertisement
Advertisement