ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 22 ਮਾਰਚ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਕਰ ਕੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਜ਼ਰੂਰੀ ਵਸਤਾਂ ਸੋਧ ਕਾਨੂੰਨ ਪਾਸ ਕਰਵਾਉਣ ਵਾਲੀ ਕਮੇਟੀ ਦੇ ਮੈਂਬਰ ਸਨ ਅਤੇ ਇਸ ਕਾਨੂੰਨ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਵਾਉਣ ਲਈ 18 ਮਾਰਚ ਨੂੰ ਸੰਸਦੀ ਕਮੇਟੀ ਦੀ ਹੋਈ ਮੀਟਿੰਗ ਵਿੱਚ ਭਗਵੰਤ ਮਾਨ ਵੀ ਸ਼ਾਮਿਲ ਹੋਏ। ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੇ ਕਿਸਾਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਮੋਰਚੇ ’ਤੇ ਬੈਠੇ ਹਨ ਅਤੇ ਦੂਜੇ ਪਾਸੇ ‘ਆਪ’ ਆਗੂ ਦਿੱਲੀ ਤੋਂ ਪੰਜਾਬ ਆ ਕੇ ਸਿਆਸੀ ਲਾਹਾ ਲੈਣ ਲਈ ਝੂਠਾ ਪ੍ਰਚਾਰ ਕਰ ਰਹੇ ਹਨ। ਅਕਾਲੀ ਦਲ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ।
ਮਾਨ ਨੇ ਕਦੇ ਖੇਤੀ ਕਾਨੂੰਨਾਂ ਦੀ ਹਮਾਇਤ ਨਹੀਂ ਕੀਤੀ: ਸੇਖੋਂ
‘ਆਪ’ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਬਾਘਾਪੁਰਾਣਾ ਦੀ ਸਫ਼ਲ ਰੈਲੀ ਤੋਂ ਘਬਰਾ ਕੇ ਪਾਰਟੀ ਖ਼ਿਲਾਫ਼ ਦੁਰਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਕਦੇ ਵੀ ਖੇਤੀ ਕਾਨੂੰਨਾਂ ਦੀ ਹਮਾਇਤ ਨਹੀਂ ਕੀਤੀ, ਸਗੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਹ ਲਗਾਤਾਰ ਸੰਸਦ ਵਿੱਚ ਸੰਘਰਸ਼ ਕਰਦਾ ਰਿਹਾ ਹੈ।