ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ, ਐਸ.ਏ.ਐਸ.ਨਗਰ, ਕਪੂਰਥਲਾ, ਹੁਸ਼ਿਆਰਪੁਰ ਤੇ ਮਾਲੇਰਕੋਟਲਾ ਵਿਚ ਬਣਨ ਵਾਲੇ ਪੰਜ ਨਵੇਂ ਮੈਡੀਕਲ ਕਾਲਜਾਂ ਦੇ ਉਸਾਰੀ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ਦੇ ਡਾਕਟਰ ਤਿਆਰ ਕਰਨ ਲਈ ਸੂਬੇ ਦੀ ਸ਼ਾਨਦਾਰ ਵਿਰਾਸਤ ਹੈ। ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਿਰ ਕੀਤਾ ਕਿ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਉੱਚ ਦਰਜੇ ਦੇ ਮੈਡੀਕਲ ਕਾਲਜ ਸਥਾਪਤ ਕਰਨ ਵੱਲ ਧਿਆਨ ਨਹੀਂ ਦਿੱਤਾ, ਜਿਸ ਕਰਕੇ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਵਿਦੇਸ਼ ਜਾਣਾ ਪੈਂਦਾ ਹੈ। ਇਕ ਹੋਰ ਏਜੰਡੇ ’ਤੇ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਆਦੇਸ਼ ਦਿੱਤੇ ਕਿ ਮੈਡੀਕਲ ਕਾਲਜ, ਸੰਗਰੂਰ ਲਈ ਅਸਾਮੀਆਂ ਸਿਰਜਣ ਦੀ ਪ੍ਰਕਿਰਿਆ ਛੇਤੀ ਪੂਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਤੋਂ ਦਾਖ਼ਲੇ ਸਮੇਂ ਸਿਰ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾਵੇ। ਮੁਹਾਲੀ ’ਚ ਬਣਨ ਵਾਲੇ ਮੈਡੀਕਲ ਕਾਲਜ ਲਈ ਮੁੱਖ ਮੰਤਰੀ ਨੇ ਅਗਲੇ ਸਾਲ ਲਈ ਲੋੜ ਮੁਤਾਬਕ ਹੋਰ ਹਸਪਤਾਲ ਤੇ ਹੋਸਟਲਾਂ ਦੀ ਪਹਿਲ ਦੇ ਆਧਾਰ ’ਤੇ ਉਸਾਰੀ ਨੂੰ ਸਮਾਂ-ਬੱਧ ਕਰਦੇ ਹੋਏ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਕਪੂਰਥਲਾ ਤੇ ਹੁਸ਼ਿਆਰਪੁਰ ਦੇ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਤੇ ਨਿਰਮਾਣ ਕਾਰਜਾਂ ਲਈ ਟੈਂਡਰ ਜਾਰੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜ ਮਾਲੇਰਕੋਟਲਾ ਦਾ ਕੰਮ ਤੁਰੰਤ ਸ਼ੁਰੂ ਕਰਨ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕੀਤੀ ਜਾਵੇ।