ਬੇਲੋੜੀਆਂ ਟਿੱਪਣੀਆਂ ਲਈ ਦੇਸ਼ ਤੋਂ ਮੁਆਫ਼ੀ ਮੰਗਣ ਭਗਵੰਤ ਮਾਨ: ਸੈਣੀ
ਆਤਿਸ਼ ਗੁਪਤਾ
ਚੰਡੀਗੜ੍ਹ, 12 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ ਬਾਰੇ ਕੀਤੀਆਂ ਟਿੱਪਣੀਆਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਟਿੱਪਣੀਆਂ ਨੂੰ ਬੇਲੋੜੀਆਂ ਤੇ ਜਮਹੂਰੀ ਕਦਰਾਂ-ਕੀਮਤਾਂ ਤੇ ਸੰਵਿਧਾਨਕ ਅਹੁਦਿਆਂ ਦੀ ਸ਼ਾਨ ਦਾ ਅਪਮਾਨ ਕਰਾਰ ਦਿੱਤਾ। ਸੈਣੀ ਨੇ ਮਾਨ ਨੂੰ ਦੇਸ਼ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਸ੍ਰੀ ਸੈਣੀ ਨੇ ਆਪਣੇ ਐਕਸ ਅਕਾਊਂਟ ਰਾਹੀਂ ਟਿੱਪਣੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਭੁੱਲ ਗਏ ਹਨ ਕਿ ਉਹ ਸਿਰਫ਼ ਦੇਸ਼ ਦੇ ਪ੍ਰਧਾਨ ਮੰਤਰੀ ’ਤੇ ਨਹੀਂ, ਬਲਕਿ 140 ਕਰੋੜ ਲੋਕਾਂ ਦੀ ਅਗਵਾਈ ਕਰਨ ਵਾਲੀ ਸ਼ਖ਼ਸੀਅਤ ’ਤੇ ਟਿੱਪਣੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਨੂੰ ਕੌਂਮਾਂਤਰੀ ਸਿਆਸਤ ਵਿੱਚ ਦਖ਼ਲ ਦੇਣ ਦੀ ਥਾਂ ਆਪਣੇ ਸੂਬੇ ਵੱਲ ਧਿਆਨ ਦੇਣਾ ਚਾਹੀਦਾ ਹੈ, ਜੋ ਨਸ਼ੇ, ਭ੍ਰਿਸ਼ਟਾਚਾਰ ਤੇ ਕਰਜ਼ੇ ਵਿੱਚ ਡੁੱਬਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਨੂੰ ਆਪਣੀਆਂ ਅਣਉੱਚਿਤ ਟਿੱਪਣੀਆਂ ਲਈ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ 10,000 ਦੀ ਆਬਾਦੀ ਵਾਲੇ ਦੇਸ਼ਾਂ ਵਿੱਚ ਜਾ ਰਹੇ ਹਨ, ਜਦੋਂ ਕਿ 140 ਕਰੋੜ ਲੋਕਾਂ ਵਾਲੇ ਆਪਣੇ ਦੇਸ਼ ਦੇ ਜ਼ਰੂਰੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ।